ਦੇਸ਼ 'ਚ ਕੋਰੋਨਾ ਨੇ ਫੜੀ ਰਫ਼ਤਾਰ, 8 ਮਹੀਨਿਆਂ ਬਾਅਦ ਮਿਲੇ 600 ਤੋਂ ਜ਼ਿਆਦਾ ਕੇਸ, ਕੇਰਲ 'ਚ ਤਿੰਨ ਦੀ ਮੌਤ

ਨਵੀਂ ਦਿੱਲੀ, 20 ਦਸੰਬਰ : ਦੇਸ਼ 'ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 614 ਨਵੇਂ ਮਾਮਲੇ ਸਾਹਮਣੇ ਆਏ ਹਨ। ਨਿਊਜ਼ ਏਜੰਸੀ ਪੀਟੀਆਈ ਨੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਦੇ ਹਵਾਲੇ ਨਾਲ ਕਿਹਾ ਕਿ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 614 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ 21 ਮਈ ਤੋਂ ਬਾਅਦ ਮਿਲੇ ਸਭ ਤੋਂ ਵੱਧ ਕੇਸ ਹਨ। ਇਸ ਨਾਲ ਦੇਸ਼ ਵਿਚ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 2,311 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੇਰਲ ਵਿਚ ਪਿਛਲੇ 24 ਘੰਟਿਆਂ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 5 ਲੱਖ 33 ਹਜ਼ਾਰ 321 ਹੋ ਗਈ ਹੈ।ਇਸ ਤੋਂ ਇਲਾਵਾ ਦੇਸ਼ ਵਿਚ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ 4.50 ਕਰੋੜ ਤੱਕ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿਚ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,44,70,346 ਹੋ ਗਈ ਹੈ ਅਤੇ ਰਾਸ਼ਟਰੀ ਰਿਕਵਰੀ ਦਰ 98.81 ਫ਼ੀਸਦੀ ਹੈ, ਜਦੋਂਕਿ ਕੇਸਾਂ ਦੀ ਮੌਤ ਦਰ 1.19 ਪ੍ਰਤੀਸ਼ਤ ਹੈ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਹੁਣ ਤੱਕ 220.67 ਕਰੋੜ ਲੋਕਾਂ ਨੂੰ ਵੈਕਸੀਨ ਦਿੱਤੀ ਜਾ ਚੁੱਕੀ ਹੈ।

ਸਾਨੂੰ ਚੌਕਸ ਰਹਿਣ ਦੀ ਲੋੜ ਹੈ, ਘਬਰਾਉਣ ਦੀ ਨਹੀਂ : ਮਾਂਡਵੀਆ
ਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਵਾਧੇ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਬੁਧਵਾਰ ਨੂੰ ਸਿਹਤ ਅਦਾਰਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੂੰ ਲੈ ਕੇ ਚੌਕਸ ਰਹਿਣ ਦੀ ਅਪੀਲ ਕੀਤੀ। ਮੰਡਾਵੀਆ ਨੇ ਸੂਬਿਆਂ ਨਾਲ ਇਕ ਉੱਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਕੋਵਿਡ ਅਜੇ ਖਤਮ ਨਹੀਂ ਹੋਇਆ ਹੈ। ਉਨ੍ਹਾਂ ਨੇ ਸੂਬਿਆਂ ਨੂੰ ਕੋਵਿਡ-19 ਦੇ ਨਵੇਂ ਮਾਮਲਿਆਂ, ਲੱਛਣਾਂ ਅਤੇ ਉਨ੍ਹਾਂ ਦੀ ਗੰਭੀਰਤਾ ’ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਤਾਂ ਜੋ ਉਚਿਤ ਜਨਤਕ ਸਿਹਤ ਉਪਾਵਾਂ ਦੀ ਯੋਜਨਾ ਬਣਾਈ ਜਾ ਸਕੇ। ਸਿਹਤ ਮੰਤਰੀ ਨੇ ਰਾਜਾਂ ਨੂੰ ਕੇਂਦਰ ਵਲੋਂ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿਤਾ ਅਤੇ ਨਵੀਂ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਅਤੇ ਰਾਜਾਂ ਦਰਮਿਆਨ ਸਮੂਹਿਕ ਯਤਨਾਂ ਦੀ ਲੋੜ ’ਤੇ ਜ਼ੋਰ ਦਿਤਾ। ਉਨ੍ਹਾਂ ਕਿਹਾ, ‘‘ਸਾਨੂੰ ਚੌਕਸ ਰਹਿਣ ਦੀ ਲੋੜ ਹੈ, ਘਬਰਾਉਣ ਦੀ ਨਹੀਂ।’’ ਮਾਂਡਵੀਆ ਨੇ ਚੀਨ, ਬ੍ਰਾਜ਼ੀਲ, ਜਰਮਨੀ ਅਤੇ ਅਮਰੀਕਾ ਵਰਗੇ ਕੁਝ ਦੇਸ਼ਾਂ ’ਚ ਕੋਵਿਡ ਦੇ ਮਾਮਲਿਆਂ ’ਚ ਵਾਧੇ ਨਾਲ ਪੈਦਾ ਹੋਈ ਚੁਨੌਤੀ  ਵਲ ਧਿਆਨ ਦਿਵਾਇਆ ਅਤੇ ਲੋਕਾਂ ਨੂੰ ਕੋਵਿਡ -19 ਦੇ ਨਵੇਂ ਰੂਪ ਵਿਰੁਧ ਤਿਆਰ ਅਤੇ ਚੌਕਸ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੂਬਿਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਤਿਉਹਾਰਾਂ ਤੋਂ ਪਹਿਲਾਂ ਸਰਦੀਆਂ ਦੇ ਮੌਸਮ ’ਚ ਸਾਵਧਾਨੀ ਦੇ ਉਪਾਅ ਕੀਤੇ ਜਾਣ। ਕੇਂਦਰੀ ਸਿਹਤ ਸਕੱਤਰ ਸੁਧਾਂਸ਼ ਪੰਤ ਨੇ ਦੇਸ਼ ਅਤੇ ਦੁਨੀਆਂ ਭਰ ’ਚ ਕੋਵਿਡ-19 ਨਾਲ ਜੁੜੀ ਸਥਿਤੀ ਬਾਰੇ ਜਾਣਕਾਰੀ ਦਿਤੀ। ਮੀਟਿੰਗ ’ਚ ਦਸਿਆ ਗਿਆ ਕਿ ਭਾਰਤ ਅੰਦਰ ਕੋਵਿਡ ਦੇ ਸਰਗਰਮ ਕੇਸ ਆਲਮੀ ਦ੍ਰਿਸ਼ ਦੇ ਮੁਕਾਬਲੇ ਕਾਫ਼ੀ ਘੱਟ ਹਨ। ਮੀਟਿੰਗ ’ਚ ਸਾਰਸ ਕੋਵ-2 ਦੇ ਨਵੇਂ ਰੂਪ ਜੇ.ਐਨ.1 ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।