'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਨੇ ਮਾਰਿਆ ਛਾਪਾ, ਮਰਨਾ ਕਬੂਲ ਹੈ, ਡਰਨਾ ਨਹੀਂ : ਸੰਜੇ ਸਿੰਘ 

ਨਵੀਂ ਦਿੱਲੀ, 4 ਅਕਤੂਬਰ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਨੇ ਛਾਪਾ ਮਾਰਿਆ ਹੈ। ਬੁੱਧਵਾਰ ਸਵੇਰ ਤੋਂ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ 'ਤੇ ਈਡੀ ਦੀ ਛਾਪੇਮਾਰੀ ਜਾਰੀ ਹੈ। ਹਾਲਾਂਕਿ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਕਾਰਵਾਈ ਕਿਉਂ ਕੀਤੀ ਜਾ ਰਹੀ ਹੈ। ਵੀਡੀਓ 'ਚ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਦੇ ਬਾਹਰ ਦਾ ਦ੍ਰਿਸ਼ ਦਿਖਾਈ ਦੇ ਰਿਹਾ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਦੀ ਛਾਪੇਮਾਰੀ ਜਾਰੀ ਹੈ। ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਚਾਰਜਸ਼ੀਟ ਵਿੱਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦਾ ਨਾਮ ਸੀ। ਈਡੀ ਬੁੱਧਵਾਰ ਸਵੇਰੇ 6.30 ਵਜੇ 'ਆਪ' ਸੰਸਦ ਮੈਂਬਰ ਦੇ ਘਰ ਪਹੁੰਚੀ ਸੀ। ਸਥਾਨਕ ਪੁਲਿਸ ਥਾਣੇ ਨਾਲ ਵੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਸ਼ਰਾਬ ਕਾਰੋਬਾਰੀ ਦਿਨੇਸ਼ ਅਰੋੜਾ ਨੂੰ ਸਰਕਾਰੀ ਗਵਾਹ ਬਣਾਉਣ ਤੋਂ ਅਗਲੇ ਦਿਨ ਈਡੀ ਨੇ ਸੰਜੇ ਸਿੰਘ ਦੇ 125 ਨਾਰਥ ਐਵੇਨਿਊ ਸਥਿਤ ਸਰਕਾਰੀ ਰਿਹਾਇਸ਼ 'ਤੇ ਛਾਪਾ ਮਾਰਿਆ ਸੀ। 

ਮਰਨਾ ਕਬੂਲ ਹੈ, ਡਰਨਾ ਨਹੀਂ : ਸੰਜੇ ਸਿੰਘ 
'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਦੀ ਜਾਂਚ ਦੌਰਾਨ ਜਾਂਚ ਏਜੰਸੀ ਵੱਲੋਂ ਉਨ੍ਹਾਂ ਦੇ ਘਰ ਛਾਪੇਮਾਰੀ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕਰ ਲਿਆ। ਸੰਜੇ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਸ਼ਾਮ ਨੂੰ ਉਨ੍ਹਾਂ ਦੇ ਘਰ 'ਤੇ ਛਾਪੇਮਾਰੀ ਅਤੇ ਪੁੱਛਗਿੱਛ ਦੇ ਦੌਰ ਤੋਂ ਬਾਅਦ ਗ੍ਰਿਫਤਾਰ ਕੀਤਾ। ਗ੍ਰਿਫਤਾਰੀ ਤੋਂ ਪਹਿਲਾਂ ਜਾਂਚ ਏਜੰਸੀ ਨੇ ਉਸ ਤੋਂ 10 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਹੁਣ ਤੱਕ ਇਸ ਮਾਮਲੇ ਵਿੱਚ ਪੰਜ ਚਾਰਜਸ਼ੀਟਾਂ ਦਾਇਰ ਕੀਤੀਆਂ ਜਾ ਚੁੱਕੀਆਂ ਹਨ ਪਰ ਇਨ੍ਹਾਂ ਵਿੱਚੋਂ ਕਿਸੇ ਵਿੱਚ ਵੀ ਸੰਜੇ ਸਿੰਘ ਦਾ ਨਾਂ ਨਹੀਂ ਸੀ। 'ਆਪ' ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਿੱਲੀ ਦੀ ਸ਼ਰਾਬ ਨੀਤੀ ਬਣਾਉਣ 'ਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ 'ਚ ਪਹਿਲਾਂ ਹੀ ਜੇਲ੍ਹ 'ਚ ਹਨ। 'ਆਪ' ਸੰਸਦ ਮੈਂਬਰ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਵੀਡੀਓ ਜਾਰੀ ਕੀਤੀ ਗਈ ਹੈ। ਗ੍ਰਿਫਤਾਰੀ ਤੋਂ ਬਾਅਦ ਆਪਣੇ ਬਿਆਨ 'ਚ ਸੰਜੇ ਸਿੰਘ ਨੇ ਕਿਹਾ ਕਿ ਉਸ ਨੂੰ ਦਿਨ ਭਰ ਦੀ ਛਾਪੇਮਾਰੀ 'ਚ ਕੁਝ ਵੀ ਨਹੀਂ ਮਿਲਿਆ। ਇਸ ਦੇ ਬਾਵਜੂਦ ਮੈਨੂੰ ਜ਼ਬਰਦਸਤੀ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਮੋਦੀ ਜੀ, ਤੁਸੀਂ ਚੋਣਾਂ ਹਾਰ ਰਹੇ ਹੋ, ਇਹ ਤੁਹਾਡੀ ਨਿਰਾਸ਼ਾ ਦੀ ਨਿਸ਼ਾਨੀ ਹੈ। ਸੰਜੇ ਸਿੰਘ ਨੇ ਅੱਗੇ ਕਿਹਾ ਕਿ ਮਰਨਾ ਕਬੂਲ ਹੈ, ਡਰਨਾ ਨਹੀਂ। 


ਸੰਜੇ ਦੀ ਗ੍ਰਿਫਤਾਰੀ ਗ਼ੈਰ-ਕਾਨੂੰਨੀ : ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਦੀ ਗ੍ਰਿਫਤਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੰਜੇ ਸਿੰਘ ਦੀ ਗ੍ਰਿਫਤਾਰੀ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਇਹ ਮੋਦੀ ਜੀ ਦੀ ਘਬਰਾਹਟ ਨੂੰ ਦਰਸਾਉਂਦਾ ਹੈ। ਉਹ ਚੋਣਾਂ ਤੱਕ ਕਈ ਹੋਰ ਵਿਰੋਧੀ ਨੇਤਾਵਾਂ ਨੂੰ ਗ੍ਰਿਫਤਾਰ ਕਰ ਲੈਣਗੇ। ਸੰਜੇ ਸਿੰਘ ਦੇ ਘਰ 'ਤੇ ਈਡੀ ਦੀ ਛਾਪੇਮਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਨੇ 'ਆਪ' ਸੰਸਦ ਦਾ ਸਮਰਥਨ ਕਰਦੇ ਹੋਏ ਕਿਹਾ ਸੀ ਕਿ ਮੋਦੀ ਜੀ ਭਾਵੇਂ ਕਿੰਨੇ ਵੀ ਛਾਪੇ ਮਾਰ ਲੈਣ ਪਰ 'ਆਪ' ਸੰਸਦ ਦੇ ਘਰ 'ਤੇ ਈਡੀ ਨੂੰ ਕੁਝ ਨਹੀਂ ਮਿਲੇਗਾ। ਹੁਣ ਤੱਕ ਇੱਕ ਹਜ਼ਾਰ ਤੋਂ ਵੱਧ ਛਾਪੇ ਮਾਰੇ ਜਾ ਚੁੱਕੇ ਹਨ ਪਰ ਏਜੰਸੀਆਂ ਦੇ ਹੱਥ ਕੁਝ ਨਹੀਂ ਲੱਗਾ।