ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ : ਭਗਵੰਤ ਮਾਨ

ਨਵੀਂ ਦਿੱਲੀ (ਏਜੰਸੀ): ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਖੁਫੀਆ ਏਜੰਸੀਆਂ ਮੁਤਾਬਕ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਹਾਲ ਹੀ ਵਿਚ ਬਰਾੜ ਦੇ ਕੈਨੇਡਾ ਤੋਂ ਭੱਜਣ ਦੀਆਂ ਖਬਰਾਂ ਆਈਆਂ ਸਨ ਅਤੇ ਹੁਣ ਉਹ ਫੜਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਨੂੰ ਹਿਰਾਸਤ 'ਚ ਲਿਆ ਗਿਆ ਸੀ। ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਬਾਰੇ ਰਸਮੀ ਤੌਰ 'ਤੇ ਕੋਈ ਬਿਆਨ ਨਹੀਂ ਦਿੱਤਾ ਹੈ।

ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ: ਭਗਵੰਤ ਮਾਨ
ਬਰਾੜ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੈਲੀਫੋਰਨੀਆ ਪੁਲਿਸ ਨੇ ਸਾਡੇ ਨਾਲ ਸੰਪਰਕ ਕੀਤਾ ਹੈ ਅਤੇ ਅਸੀਂ ਅਮਰੀਕਾ ਨਾਲ ਵੀ ਸੰਪਰਕ ਕਰ ਰਹੇ ਹਾਂ। ਜਲਦ ਹੀ ਗੋਲਡੀ ਬਰਾੜ ਨੂੰ ਭਾਰਤ ਲਿਆਂਦਾ ਜਾਵੇਗਾ ਅਤੇ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਕਈ ਪਰਿਵਾਰਾਂ ਨੂੰ ਇਨਸਾਫ਼ ਮਿਲੇਗਾ।

ਭਾਰਤ ਲਿਆਉਣ ਲਈ ਸੰਪਰਕ ਕੀਤਾ ਜਾ ਰਿਹਾ
ਗੋਲਡੀ ਦੀ ਗ੍ਰਿਫਤਾਰੀ ਦੀ ਸੂਚਨਾ ਭਾਰਤੀ ਖੁਫੀਆ ਏਜੰਸੀਆਂ ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਉਹ ਅਮਰੀਕੀ ਏਜੰਸੀਆਂ ਨਾਲ ਸੰਪਰਕ ਕਰ ਰਹੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ 'ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਉਹ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਸਿਆਸੀ ਸ਼ਰਨ ਲਈ ਕੈਲੀਫੋਰਨੀਆ ਭੱਜ ਗਿਆ ਸੀ। ਗੋਲਡੀ ਬਰਾੜ ਮੂਸੇਵਾਲਾ ਦੇ ਕਤਲ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਸੀ। ਗਾਇਕ ਦੇ ਕਤਲ ਤੋਂ ਬਾਅਦ ਗੋਲਡੀ ਭਾਰਤੀ ਖੁਫੀਆ ਏਜੰਸੀਆਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਿਸ਼ਾਨੇ 'ਤੇ ਸੀ।

ਗੈਂਗਸਟਰ ਲਖਬੀਰ ਦੀ ਸੂਚਨਾ ਤੋਂ ਬਾਅਦ ਹਿਰਾਸਤ 'ਚ ਲਿਆ ਗਿਆ
ਖ਼ੁਫ਼ੀਆ ਏਜੰਸੀਆਂ ਮੁਤਾਬਕ ਗੋਲਡੀ ਬਰਾੜ ਨੂੰ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਦੀ ਮੁਖਬਰ ਦੇ ਆਧਾਰ 'ਤੇ ਹਿਰਾਸਤ 'ਚ ਲਿਆ ਗਿਆ ਸੀ। ਇਸ ਕਾਰਨ ਗੈਂਗਸਟਰਾਂ ਵਿੱਚ ਵੀ ਫੁੱਟ ਪੈਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਜਿਸ ਕਾਰਨ ਉਹ ਖੁਫੀਆ ਏਜੰਸੀਆਂ ਨੂੰ ਇਕ-ਦੂਜੇ ਖਿਲਾਫ ਇਨਪੁਟ ਦੇ ਰਿਹਾ ਹੈ।

ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ
ਜ਼ਿਕਰਯੋਗ ਹੈ ਕਿ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਮੂਸੇਵਾਲਾ ਆਪਣੀ ਥਾਰ ਜੀਪ ਵਿੱਚ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ। ਕੁੱਲ 6 ਸ਼ੂਟਰਾਂ ਨੇ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ। ਜਿਨ੍ਹਾਂ ਵਿੱਚੋਂ 4 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅਤੇ 2 ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਅਟਾਰੀ ਵਿਖੇ ਹੋਏ ਮੁਕਾਬਲੇ ਵਿੱਚ ਮਾਰੇ ਗਏ ਸਨ।