ਭਾਰਤ ਬ੍ਰਿਟਿਸ਼ ਸ਼ਾਸਨ ਦੌਰਾਨ ਬਣੇ ਕਾਨੂੰਨਾਂ ਨੂੰ ਖ਼ਤਮ ਕਰ ਰਿਹਾ ਹੈ : ਅਮਿਤ ਸ਼ਾਹ 

ਹੈਦਰਾਬਾਦ, 27 ਅਕਤੂਬਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੈਦਰਾਬਾਦ ਵਿੱਚ ਭਾਰਤੀ ਪੁਲਿਸ ਸੇਵਾ (ਆਈਪੀਐਸ) ਪ੍ਰੋਬੇਸ਼ਨਰਾਂ ਦੇ 75ਵੇਂ ਬੈਚ ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇੰਡੀਅਨ ਪੀਨਲ ਕੋਡ (ਆਈਪੀਸੀ), ਸੀਆਰਪੀਸੀ ਅਤੇ ਇੰਡੀਅਨ ਐਵੀਡੈਂਸ ਐਕਟ ਦੀ ਥਾਂ ਲੈਣ ਵਾਲੇ ਤਿੰਨ ਨਵੇਂ ਬਿੱਲ ਜਲਦੀ ਹੀ ਸੰਸਦ ਵੱਲੋਂ ਪਾਸ ਕੀਤੇ ਜਾਣਗੇ। ਇੱਥੇ ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ ਵਿੱਚ ਆਈਪੀਐਸ ਕੈਡਿਟਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਬੋਲਦਿਆਂ ਸ਼ਾਹ ਨੇ ਕਿਹਾ ਕਿ ਭਾਰਤ ਬ੍ਰਿਟਿਸ਼ ਸ਼ਾਸਨ ਦੌਰਾਨ ਬਣੇ ਕਾਨੂੰਨਾਂ ਨੂੰ ਖ਼ਤਮ ਕਰ ਰਿਹਾ ਹੈ ਅਤੇ ਨਵੇਂ ਆਤਮ ਵਿਸ਼ਵਾਸ ਅਤੇ ਨਵੀਆਂ ਉਮੀਦਾਂ ਨਾਲ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਅਮਿਤ ਸ਼ਾਹ ਨੇ ਕਿਹਾ, ''ਗ੍ਰਹਿ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਤਿੰਨ ਨਵੇਂ ਬਿੱਲਾਂ ਦੀ ਜਾਂਚ ਕਰ ਰਹੀ ਹੈ ਅਤੇ ਇਨ੍ਹਾਂ ਨੂੰ ਜਲਦੀ ਹੀ ਪਾਸ ਕਰ ਦਿੱਤਾ ਜਾਵੇਗਾ।'' ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨਾਂ ਦਾ ਉਦੇਸ਼ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਵਿੱਚ ਅੱਗੇ ਵੱਧ ਰਿਹਾ ਹੈ। ਜ਼ਿਕਰਯੋਗ ਹੈ ਕਿ ਇਹ ਤਿੰਨੋਂ ਬਿੱਲ ਸੰਸਦ ਦੇ ਮਾਨਸੂਨ ਸੈਸ਼ਨ 'ਚ ਪੇਸ਼ ਕੀਤੇ ਗਏ ਸਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਨ੍ਹਾਂ ਬਿੱਲਾਂ ਨੂੰ ਵਿਆਪਕ ਸਲਾਹ-ਮਸ਼ਵਰੇ ਅਤੇ ਚਰਚਾ ਲਈ ਸਥਾਈ ਕਮੇਟੀ ਕੋਲ ਭੇਜਣ ਦੀ ਬੇਨਤੀ ਕੀਤੀ ਸੀ। ਕਮੇਟੀ ਨੂੰ ਅਗਸਤ ਮਹੀਨੇ ਦੇ ਤਿੰਨ ਬਿੱਲਾਂ ਦਾ ਅਧਿਐਨ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ।