ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਸੀ, ਧਾਰਾ 370 ਹਟਾਉਣਾ : ਪੀਐਮ ਮੋਦੀ

ਨਵੀਂ ਦਿੱਲੀ, 5 ਅਗਸਤ 2024 : ਅੱਜ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਗਏ ਨੂੰ 5 ਸਾਲ ਹੋ ਗਏ ਹਨ। ਸਾਲ 2019 ਵਿੱਚ ਇਸ ਤਾਰੀਖ ਨੂੰ, ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖਤਮ ਕਰ ਦਿੱਤਾ ਗਿਆ ਸੀ। ਇਸ ਨਾਲ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਲੱਦਾਖ ਅਤੇ ਜੰਮੂ-ਕਸ਼ਮੀਰ ਵਿੱਚ ਵੰਡ ਦਿੱਤਾ ਗਿਆ। 5 ਸਾਲ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਵੀ ਪੋਸਟ ਕੀਤਾ। ਉਨ੍ਹਾਂ ਲਿਖਿਆ ਕਿ 5 ਸਾਲ ਪਹਿਲਾਂ ਜਦੋਂ ਇਹ ਫੈਸਲਾ ਲਿਆ ਗਿਆ ਸੀ ਤਾਂ ਇਹ ਦੇਸ਼ ਦੇ ਇਤਿਹਾਸ ਦਾ ਅਹਿਮ ਪਲ ਸੀ। ਉਨ੍ਹਾਂ ਲਿਖਿਆ ਕਿ ਇਹ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਤਰੱਕੀ ਅਤੇ ਖੁਸ਼ਹਾਲੀ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਸੀ। ਇਸ ਨਾਲ ਸੂਬੇ ਵਿੱਚ ਭਾਰਤ ਦਾ ਸੰਵਿਧਾਨ ਪੂਰੀ ਤਰ੍ਹਾਂ ਲਾਗੂ ਹੋ ਗਿਆ। ਆਰਟੀਕਲ ਹਟਾਏ ਜਾਣ ਤੋਂ ਬਾਅਦ ਹੀ ਔਰਤਾਂ, ਨੌਜਵਾਨਾਂ, ਪਛੜੇ, ਕਬਾਇਲੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਲਈ ਸੁਰੱਖਿਆ, ਸਨਮਾਨ ਅਤੇ ਮੌਕੇ ਆਏ ਹਨ। ਪਹਿਲਾਂ ਇੱਥੋਂ ਦੇ ਲੋਕ ਇਨ੍ਹਾਂ ਸਾਰੀਆਂ ਸਹੂਲਤਾਂ ਤੋਂ ਵਾਂਝੇ ਸਨ। ਪ੍ਰਧਾਨ ਮੰਤਰੀ ਨੇ ਅੱਗੇ ਲਿਖਿਆ ਕਿ ਮੈਂ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਸਰਕਾਰ ਉਨ੍ਹਾਂ ਲਈ ਕੰਮ ਕਰਦੀ ਰਹੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰੇਗੀ।

ਭਾਜਪਾ ਮਨਾ ਰਹੀ ਏਕਾਤਮ ਮਹੋਤਸਵ
ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ‘ਤੇ ਭਾਜਪਾ ਹਰ ਪਾਸੇ ਜਸ਼ਨ ਮਨਾ ਰਹੀ ਹੈ। ਭਾਰਤੀ ਜਨਤਾ ਪਾਰਟੀ ਦੀ ਜੰਮੂ-ਕਸ਼ਮੀਰ ਇਕਾਈ ਸੋਮਵਾਰ ਨੂੰ ਇੱਥੇ ਧਾਰਾ 370 ਦੀਆਂ ਕੁਝ ਵਿਵਸਥਾਵਾਂ ਨੂੰ ਖਤਮ ਕਰਨ ਦੇ ਪੰਜ ਸਾਲ ਪੂਰੇ ਹੋਣ ‘ਤੇ ਏਕਾਤਮ ਮਹੋਤਸਵ ਰੈਲੀ ਕੱਢ ਰਹੀ ਹੈ। ਸਮਾਗਮ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਇਹਤਿਆਤ ਵਜੋਂ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਲਾਕੇ ਵਿੱਚ ਵਧਾਈ ਗਈ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਅੱਜ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਨੂੰ ਅਲਰਟ ਕਰ ਦਿੱਤਾ ਗਿਆ ਹੈ। ਥਾਂ-ਥਾਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਆਵਾਜਾਹੀ ਤੋਂ ਬਚਣ ਦੇ ਨਿਰਦੇਸ਼ ਵੀ ਦਿੱਤੇ ਹਨ। ਸੁਰੱਖਿਆ ਕਾਰਨਾਂ ਕਰਕੇ ਕਈ ਸਕੂਲਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਸੰਵੇਦਨਸ਼ੀਲ ਇਲਾਕਿਆਂ ‘ਚ ਸੁਰੱਖਿਆ ਬਲਾਂ ਦੀ ਵਾਧੂ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸੁਰੱਖਿਆ ਬਲਾਂ ਵੱਲੋਂ ਗਸ਼ਤ ਵੀ ਵਧਾ ਦਿੱਤੀ ਗਈ ਹੈ।