ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦੇ ਨੇਤਾ ਉਪ ਰਾਸ਼ਟਰਪਤੀ ਦੀ ਨਕਲ ਦੀ ਵੀਡੀਓ ਬਣਾਉਂਦੇ ਨਜ਼ਰ ਆਏ ਹਨ, ਇਹ ਦੇਸ਼ ਦਾ ਸਭ ਤੋਂ ਵੱਡਾ ਅਪਮਾਨ ਹੈ : ਅਮਿਤ ਸ਼ਾਹ

  • ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 375 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਕੀਤਾ ਉਦਘਾਟਨ

ਚੰਡੀਗੜ੍ਹ, 22 ਦਸੰਬਰ : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਸੈਕਟਰ 26, ਚੰਡੀਗੜ੍ਹ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੇ 375 ਕਰੋੜ ਰੁਪੈ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਗ੍ਰਹਿ ਮੰਤਰੀ ਸ਼ਾਹ ਨੇ ਬਿਨਾਂ ਨਾਮ ਲਏ ਰਾਹੁਲ ਗਾਂਧੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦੇ ਨੇਤਾ ਉਪ ਰਾਸ਼ਟਰਪਤੀ ਦੀ ਨਕਲ ਦੀ ਵੀਡੀਓ ਬਣਾਉਂਦੇ ਨਜ਼ਰ ਆਏ ਹਨ, ਇਹ ਦੇਸ਼ ਦਾ ਸਭ ਤੋਂ ਵੱਡਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਉਪ ਰਾਸ਼ਟਰਪਤੀ ਇੱਕ ਸੰਵਿਧਾਨਕ ਆਹੁਦਾ ਹੈ, ਸਾਰਿਆਂ ਨੂੰ ਉਸਦੀ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ। ਇਹੀ ਕਾਰਨ ਹੈ ਕਿ ਦੇਸ਼ ਦੇ ਲੋਕ ਕਾਂਗਰਸ ਨੂੰ ਚੋਣਾਂ ਵਿੱਚ ਬੁਰੀ ਤਰ੍ਹਾਂ ਹਰਾ ਰਹੇ ਹਨ। ਇਸ ਮੌਕੇ ਅਮਿਤ ਸ਼ਾਹ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲੋਕ ਸਭਾ ਵਿੱਚ ਨਵਾਂ ਬਿੱਲ ਲਿਆਂਦਾ ਗਿਆ ਹੈ, ਇਸ ਤਹਿਤ ਲੋਕਾਂ ਨੂੰ 3 ਸਾਲ ਦੇ ਅੰਦਰ ਅਪਰਾਧ ਦੇ ਮਾਮਲਿਆਂ ਵਿਚ ਨਿਆਂ ਮਿਲੇਗਾ। ਇਸ ਨੂੰ ਜਲਦੀ ਹੀ ਚੰਡੀਗੜ੍ਹ ਸਮੇਤ ਹੋਰ ਸੂਬਿਆਂ ਵਿਚ ਵੀ ਲਾਗੂ ਕੀਤਾ ਜਾਵੇਗਾ। ਕਾਂਗਰਸ ਨੂੰ ਇਸ 'ਤੇ ਬਹਿਸ ਕਰਨੀ ਚਾਹੀਦੀ ਸੀ ਪਰ ਕਾਂਗਰਸੀ ਆਗੂਆਂ ਨੇ ਸੰਸਦ ਦਾ ਬਾਈਕਾਟ ਕਰ ਦਿਤਾ। ਉਹ ਜਾਣਦੇ ਹਨ ਕਿ ਉਹ 2024 ਦੀਆਂ ਚੋਣਾਂ ਹਾਰ ਰਹੇ ਹਨ, ਇਸ ਲਈ ਉਹ ਜਨਤਕ ਮੁੱਦਿਆਂ 'ਤੇ ਗੱਲ ਨਹੀਂ ਕਰਨੀ ਚਾਹੁੰਦੇ। ਉਨ੍ਹਾਂ ਨੇ ਟਾਟਾ ਸਫਾਰੀ ਪੁਲਿਸ ਦੀਆਂ 25 ਨਵੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਗ੍ਰਹਿ ਮੰਤਰੀ ਸ਼ਾਹ ਨੇ ਸੈਕਟਰ 26 ਸਥਿਤ ਚੰਡੀਗੜ੍ਹ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਤੋਂ 375 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ 44 ਏ.ਐਸ.ਆਈਜ਼ ਅਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਅਮਿਤ ਸ਼ਾਹ ਨੇ ਚੰਡੀਗੜ੍ਹ ਏਅਰ ਫੋਰਸ ਹੈਰੀਟੇਜ ਸੈਂਟਰ ਦੀ ਇਮਾਰਤ ਵਿਚ 88 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੇਸ਼ ਦੇ ਪਹਿਲੇ ਸਾਈਬਰ ਆਪਰੇਸ਼ਨ ਅਤੇ ਸੁਰੱਖਿਆ ਕੇਂਦਰ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਪੰਜਾਬ ਇੰਜਨੀਅਰਿੰਗ ਕਾਲਜ ਵਿਚ 20 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਹਿਮਾਚਲ ਲੜਕਿਆਂ ਦੇ ਹੋਸਟਲ ਦੇ 140 ਕਮਰਿਆਂ ਦਾ ਵੀ ਉਦਘਾਟਨ ਕੀਤਾ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਆਉਣ ਨੂੰ ਲੈ ਕੇ ਉਨ੍ਹਾਂ ਦੀ ਸੁਰੱਖਿਆ ਲਈ ਵੱਖ-ਵੱਖ ਪੁਲਿਸ ਮੁਲਾਜ਼ਮਾਂ ਸਮੇਤ 3000 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਗ੍ਰਹਿ ਮੰਤਰੀ ਦੀ ਸੁਰੱਖਿਆ ਕਾਰਨ ਸਮਾਗਮ ਵਾਲੀ ਥਾਂ ਤੋਂ 250 ਮੀਟਰ ਦੇ ਘੇਰੇ ਵਿਚ ਕਿਸੇ ਵੀ ਵਾਹਨ ਨੂੰ ਜਾਣ ਦੀ ਇਜਾਜ਼ਤ ਨਹੀਂ ਦਿਤੀ ਗਈ। ਇਸ ਕਾਰਨ ਮੱਧ ਮਾਰਗ 'ਤੇ ਸੈਕਟਰ 26 ਸਥਿਤ ਸ਼ੋਅਰੂਮਾਂ ਦੇ ਪਿਛਲੇ ਪਾਸੇ ਪਾਰਕਿੰਗ 'ਤੇ ਪਾਬੰਦੀ ਲਗਾ ਦਿਤੀ ਗਈ। ਸੈਕਟਰ 26 ਥਾਣੇ ਦੇ ਸਾਹਮਣੇ ਵਾਲੀ ਪਾਰਕਿੰਗ ਤੋਂ ਲੈ ਕੇ ਸੜਕ ਤਕ ਅਤੇ ਹੋਰ ਕਿਤੇ ਵੀ ਵਾਹਨ ਪਾਰਕ ਨਹੀਂ ਕੀਤੇ ਗਏ।