ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਤੂਫ਼ਾਨ, ਮੀਂਹ ਅਤੇ ਗੜੇਮਾਰੀ ਲਈ ਯੈਲੋ ਅਲਰਟ ਜਾਰੀ 

ਨਵੀਂ ਦਿੱਲੀ, 24 ਮਈ : ਪੰਜਾਬ ਸਣੇ ਉੱਤਰੀ ਭਾਰਤ 'ਚ ਹੀਟਵੇਵ ਦੇ ਕਹਿਰ ਦਰਮਿਆਨ ਰਾਹਤ ਦੇਣ ਵਾਲੀ ਖਬਰ ਆਈ ਹੈ ਕਿਉਂਕਿ ਹੀਟਵੇਵ (ਲੂ) ਦਾ ਕਹਿਰ ਅੱਜ ਤੋਂ ਖਤਮ ਹੋ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਬੁੱਧਵਾਰ (24 ਮਈ) ਤੋਂ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਤੂਫ਼ਾਨ, ਮੀਂਹ ਅਤੇ ਗੜੇਮਾਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਦਿੱਲੀ ਐਨਸੀਆਰ ਅਤੇ ਚੰਡੀਗੜ੍ਹ ਲਈ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀ ਆਰਕੇ ਜੇਨਾਮਾਨੀ ਨੇ ਦੱਸਿਆ ਕਿ ਅਗਲੇ ਦੋ-ਤਿੰਨ ਦਿਨਾਂ ਤੱਕ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੂਰਬੀ ਭਾਰਤ ਵਿੱਚ ਤੇਜ਼ ਗਰਜ ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ। ਦਿੱਲੀ ਦੇ ਮੁੱਖ ਮੌਸਮ ਵਿਗਿਆਨ ਸਟੇਸ਼ਨ ਸਫਦਰਜੰਗ ਆਬਜ਼ਰਵੇਟਰੀ 'ਚ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 25.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। ਇਸ ਤੋਂ ਇਲਾਵਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਦਰਜ ਕੀਤਾ ਗਿਆ। ਉੱਤਰੀ ਭਾਰਤ ਦੇ ਰਾਜਾਂ ਵਿੱਚ ਕਈ ਦਿਨਾਂ ਤੱਕ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੜੇ ਵੀ ਪੈ ਸਕਦੇ ਹਨ। ਬੁੱਧਵਾਰ ਤੋਂ ਹੀ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹਲਕੇ ਬੱਦਲ ਛਾ ਗਏ ਹਨ ਅਤੇ ਮੌਸਮ ਸੁਹਾਵਣਾ ਹੋ ਗਿਆ ਹੈ। ਉੱਤਰੀ ਭਾਰਤ ਵਿੱਚ ਪਿਛਲੇ ਕਈ ਦਿਨਾਂ ਤੋਂ ਹੀਟਵੇਵ (ਲੂ) ਨੇ ਤਬਾਹੀ ਮਚਾਈ ਹੋਈ ਹੈ। ਦਿੱਲੀ-ਐਨਸੀਆਰ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਨੂੰ ਪਾਰ ਕਰ ਰਿਹਾ ਸੀ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਹੁਣ ਦਿੱਲੀ-ਐਨਸੀਆਰ ਸਮੇਤ ਆਸਪਾਸ ਦੇ ਸ਼ਹਿਰਾਂ ਅਤੇ ਰਾਜਾਂ ਵਿੱਚ ਬੱਦਲਵਾਈ ਹੈ। ਹਲਕੀ ਧੁੱਪ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਇਸ ਤੋਂ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਮੰਗਲਵਾਰ ਨੂੰ ਰਾਜਧਾਨੀ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਵੱਧ 43.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਵੱਧ 29.8 ਡਿਗਰੀ ਸੈਲਸੀਅਸ ਰਿਹਾ। ਇਸ ਦੇ ਨਾਲ ਹੀ ਨਜਫਗੜ੍ਹ (ਦਿੱਲੀ ਦਾ ਇਲਾਕਾ) ਵਿੱਚ ਤਾਪਮਾਨ 46.7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਨਜਫਗੜ੍ਹ 'ਚ ਐਤਵਾਰ ਅਤੇ ਸੋਮਵਾਰ ਨੂੰ ਵੀ ਤਾਪਮਾਨ 46 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।