ਕੇਂਦਰੀ ਮੰਤਰੀ ਸ਼ਾਹ ਦੀ ਨਸ਼ਿਆਂ ਖਿਲਾਫ ਮੁਹਿੰਮ ਦੇ ਤਹਿਤ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

ਗਾਂਧੀਨਗਰ : ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ‘ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸੇ ਲੜੀ ਤਹਿਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਾਂਧੀਨਗਰ ਵਿੱਚ 12,438 ਕਿਲੋਗ੍ਰਾਮ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ। ਨਸ਼ਿਆਂ ਦੀ ਇਹ ਖੇਪ ਗੋਆ, ਗੁਜਰਾਤ, ਮੱਧ ਪ੍ਰਦੇਸ਼, ਰਾਜਸਥਾਨ ਤੋਂ ਫੜੀ ਗਈ ਸੀ। ਵੱਖ-ਵੱਖ ਏਜੰਸੀਆਂ ਵੱਲੋਂ ਇਹ ਅਹਿਮ ਕਾਰਵਾਈ ਗਾਂਧੀਨਗਰ ਵਿੱਚ ਕੀਤੀ ਗਈ। ਇਸ ਤੋਂ ਪਹਿਲਾਂ ਅਸਾਮ ‘ਚ 5 ਸੂਬਿਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ 25,000 ਕਿਲੋ ਤੋਂ ਵੱਧ ਨਸ਼ੀਲੇ ਪਦਾਰਥਾਂ ਦੀ ਖੇਪ ਨਸ਼ਟ ਕੀਤੀ ਗਈ ਸੀ ਅਤੇ ਇਸ ਤੋਂ ਪਹਿਲਾਂ ਚੰਡੀਗੜ੍ਹ ਅਤੇ ਚਾਰ ਥਾਵਾਂ ‘ਤੇ ਇੱਕੋ ਸਮੇਂ 30,000 ਤੋਂ ਵੱਧ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਜਾ ਚੁੱਕਾ ਹੈ, ਜਿਸ ਤੋਂ ਬਾਅਦ ਹੁਣ ਤੱਕ 1,62,000 ਤੋਂ ਵੱਧ ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਦੀ ਜ਼ਬਤ ਕੀਤੀ ਖੇਪ ਨੂੰ ਅਜਿਹੀਆਂ ਵੱਖ-ਵੱਖ ਕਾਰਵਾਈਆਂ ਦੌਰਾਨ ਨਸ਼ਟ ਕੀਤਾ ਗਿਆ ਹੈ। ਮੋਦੀ ਸਰਕਾਰ ਦੀ ਅਗਵਾਈ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਉਨ੍ਹਾਂ ਨੂੰ ਜ਼ਬਤ ਕਰਨ ਤੋਂ ਬਾਅਦ ਨਸ਼ਟ ਕਰਨ ਦੀ ਇਸ ਵਿਸ਼ੇਸ਼ ਮੁਹਿੰਮ ਨੂੰ ਗ੍ਰਹਿ ਮੰਤਰੀ ਦੀ ਅਗਵਾਈ ਵਿਚ ਦੇਸ਼ ਵਿਆਪੀ ਰੂਪ ਦਿੱਤਾ ਗਿਆ ਹੈ ।