ਕੌਮੀ ਘੱਟ ਗਿਣਤੀ ਕਮਿਸ਼ਨ ਨੇ ਲਤੀਫਪੁਰਾ 'ਚ ਲੋਕਾਂ ਨੂੰ ਬੇਘਰ ਕਰਨ ਦਾ ਲਿਆ ਸਖ਼ਤ ਨੋਟਿਸ, ਤੁਰੰਤ ਮੰਗੀ ਰਿਪੋਰਟ

ਨਵੀਂ ਦਿੱਲੀ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ 1947 ਤੋਂ ਜਲੰਧਰ ਦੇ ਲਤੀਫਪੁਰਾ ਵਿੱਚ ਰਹਿ ਰਹੇ ਸਿੱਖਾਂ ਨੂੰ ਬੇਘਰ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਦਾ ਕਹਿਣਾ ਕਿ ਇਨ੍ਹਾਂ ਲੋਕਾਂ ਨੂੰ ਬਦਲਵੀਂ ਪਨਾਹ ਦਿੱਤੇ ਬਗੈਰ ਬੇਦਖ਼ਲ ਕਰ ਦਿੱਤਾ ਗਿਆ ਹੈ। ਲਾਲਪੁਰਾ ਮੁਤਾਬਕ ਇਨ੍ਹਾਂ ਲੋਕਾਂ ਨੂੰ ਪੋਹ ਦੇ ਮਹੀਨੇ ਦੌਰਾਨ ਅਣ ਮਨੁੱਖੀ ਤੌਰ 'ਤੇ ਉਜਾੜ ਦਿੱਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਖਬਰਾਂ 'ਚ ਪੁਲਿਸ ਵੱਲੋਂ ਇਲਾਕੇ ਦੇ ਬਜ਼ੁਰਗਾਂ ਨਾਲ ਦੁਰਵਿਵਹਾਰ ਦਾ ਵੀ ਨੋਟਿਸ ਲਿਆ। ਚੇਅਰਮੈਨ ਦਾ ਕਹਿਣਾ ਕਿ ਇਸ ਠੰਡੇ ਮਹੀਨੇ ਵਿੱਚ ਉਹਨਾਂ ਨੂੰ ਬੇਦਖਲ ਕਰਨ ਤੋਂ ਪਹਿਲਾਂ ਉਹਨਾਂ ਨੂੰ ਵਿਕਲਪਿਕ ਰਿਹਾਇਸ਼ ਪ੍ਰਦਾਨ ਕੀਤੀ ਜਾਣੀ ਚਾਹੀਦੀ ਸੀ। ਕੌਮੀ ਘੱਟ ਗਿਣਤੀ ਕਮਿਸ਼ਨ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਤੋਂ ਤੁਰੰਤ ਰਿਪੋਰਟ ਮੰਗੀ ਹੈ।