ਸੁਪਰੀਮ ਕੋਰਟ ਪਰਿਸਰ 'ਚ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਦਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਉਦਘਾਟਨ

ਨਵੀਂ ਦਿੱਲੀ, 26 ਨਵੰਬਰ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਸੰਵਿਧਾਨ ਦਿਵਸ ਦੇ ਮੌਕੇ 'ਤੇ ਸੁਪਰੀਮ ਕੋਰਟ ਪਰਿਸਰ 'ਚ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਦਾ ਉਦਘਾਟਨ ਕੀਤਾ। ਇਸ ਮੌਕੇ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਮੌਜੂਦ ਸਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਸੀਜੇਆਈ ਡੀਵਾਈ ਚੰਦਰਚੂੜ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ 7 ਫੁੱਟ ਉੱਚੀ ਮੂਰਤੀ 'ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਰਾਸ਼ਟਰਪਤੀ ਮੁਰਮੂ ਅਤੇ ਸੀਜੇਆਈ ਚੰਦਰਚੂੜ ਨੇ ਬੂਟੇ ਲਗਾਏ। ਜ਼ਿਕਰਯੋਗ ਹੈ ਕਿ ਭਾਰਤ ਦੇ ਸੰਵਿਧਾਨ ਨੂੰ 26 ਨਵੰਬਰ 1949 ਨੂੰ ਸੰਵਿਧਾਨ ਸਭਾ ਦੁਆਰਾ ਅਪਣਾਇਆ ਗਿਆ ਸੀ। 2015 ਤੋਂ ਅੱਜ ਦਾ ਦਿਨ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਪਹਿਲਾਂ ਇਸ ਦਿਨ ਨੂੰ ਕਾਨੂੰਨ ਦਿਵਸ ਵਜੋਂ ਮਨਾਇਆ ਜਾਂਦਾ ਸੀ।