ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਦੇ ਫ਼ੈਸਲੇ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ

ਨਾਂਦੇੜ, 9 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੱਜ ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਦੇ ਫ਼ੈਸਲੇ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਇਆ। ਇਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਸ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਸ. ਅਜਮੇਰ ਸਿੰਘ ਖੇੜਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਸ਼ਾਮਲ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਤਰਫ਼ੋਂ ਨਾਂਦੇੜ ਪਹੁੰਚੇ ਹਨ।  ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਸ ਵਫਦ ਨੇ ਤਖਤ ਸ੍ਰੀ ਹਜੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਨਾਲ ਮੁਲਾਕਾਤ ਕਰਕੇ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਐਕਟ ਵਿੱਚ ਕੀਤੀ ਗਈ ਸੋਧ ਦੇ ਮੁੱਦੇ ਤੇ ਗੰਭੀਰ ਚਰਚਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਤੇ ਸਿੱਖ ਸੰਸਥਾ ਵੱਲੋਂ ਹਰ ਪੱਧਰ ਤੇ ਵਿਰੋਧ ਕਰਨ ਦੀ ਵਚਨਬੱਧਤਾ ਪ੍ਰਗਟਾਈ ਅਤੇ ਸਥਾਨਕ ਸਿੱਖਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਪ੍ਰਤੀ ਭਰਵਾਂ ਸਹਿਯੋਗ ਦੇਣ ਦੀ ਗੱਲ ਆਖੀ। ਦੱਸਣਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜੂਰ ਸਾਹਿਬ ਗੁਰਦੁਆਰਾ ਬੋਰਡ ਵਿੱਚ ਸਰਕਾਰ ਦਾ ਪ੍ਰਭਾਵ ਵਧਾਉਣ ਲਈ ‘ਦ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਐਕਟ, 1956’ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ, ਜਿਸਨੂੰ ਲੈ ਕੇ ਪੂਰੇ ਸਿੱਖ ਜਗਤ ਅੰਦਰ ਭਾਰੀ ਰੋਸ ਹੈ। ਸਰਕਾਰ ਨੇ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਘਟਾ ਦਿੱਤੀ ਹੈ ਅਤੇ ਸਰਕਾਰੀ ਮੈਂਬਰ ਵਧਾ ਦਿੱਤੇ ਹਨ।