ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ, ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ : ਸੁਪਰੀਮ ਕੋਰਟ 

  • ਹਰਿਆਣਾ ਅਤੇ ਪੰਜਾਬ ਵਿਚਾਲੇ ਐਸਵਾਈਐਲ ਨਹਿਰ ਵਿਵਾਦ ਦਾ ਹੈ ਮਾਮਲਾ

ਨਵੀਂ ਦਿੱਲੀ, 04 ਅਕਤੂਬਰ : ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ ‘ਤੇ ਤਲਖ਼ ਟਿੱਪਣੀ ਕੀਤੀ ਹੈ। ਅੱਜ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ‘ਤੇ ਰਾਜਨੀਤੀ ਨਾ ਕਰੇ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ, ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਹੈ ਕਿ ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਉਸਾਰੂ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਈ ਡਿਵੈਲਪਮੈਂਟ ਬਾਰੇ ਵੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ। ਅੱਜ ਹੋਈ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਕਿਹਾ ਕਿ ਇਹ ਵਿਵਾਦ ਦੋ ਦਹਾਕਿਆਂ ਤੋਂ ਚੱਲ ਰਿਹਾ ਹੈ। ਪੰਜਾਬ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਚਾਹੁੰਦੀ। ਪਿਛਲੀਆਂ 2 ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ। ਇਸ ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਐਸਵਾਈਐਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ। ਜਿਸ ਵਿੱਚ ਇਹ ਦੇਖਿਆ ਜਾਣਾ ਹੈ ਕਿ ਇੱਥੇ ਕਿੰਨੀ ਜ਼ਮੀਨ ਹੈ ਅਤੇ ਕਿੰਨੀ ਨਹਿਰ ਬਣੀ ਹੈ। ਇਸ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣਾ ਹੋਵੇਗਾ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਹਰਿਆਣਾ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ, ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ।