ਦੋ ਸਿੱਖ ਵਕੀਲਾਂ ਨੂੰ ਹਾਈ ਕੋਰਟ ਦਾ ਜੱਜ ਨਾ ਨਿਯੁਕਤ ਕਰਨ ’ਤੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ ? 

ਨਵੀਂ ਦਿੱਲੀ, 21 ਨਵੰਬਰ : ਸੁਪਰੀਮ ਕੋਰਟ ਨੇ ਕਾਲਜੀਅਮ ਵੱਲੋਂ ਕੀਤੀ ਸਿਫਾਰਸ਼ ਅਨੁਸਾਰ 5 ਵਿਚੋਂ 2 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਜੱਜ ਨਾ ਨਿਯੁਕਤ ਕਰਨ ’ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ। ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਦੋਵਾਂ ਉਮੀਦਵਾਰਾਂ ਲਈ ਕਲੀਅਰੰਸ ਨਹੀਂ ਦਿੱਤੀ ਗਈ ਜਿਹੜੇ ਸਿੱਖ ਹਨ। ਅਜਿਹਾ ਕਿਉਂ ਹੋ ਰਿਹਾ ਹੈ? ਉਹਨਾਂ ਕਿਹਾ ਕਿ ਬੀਤੇ ਸਮੇਂ ਦੇ ਮੁਦਿਆਂ ਨੂੰ ਮੌਜੂਦਾ ਸਮੇਂ ਨਾਲ ਨਾ ਜੋੜੋ। ਉਹਨਾਂ ਕਿਹਾ ਕਿ ਜਿਹੜੇ ਮੁੱਦੇ ਚੁੱਕੇ ਜਾ ਰਹੇ ਹਨ, ਉਹ ਨਿਆਂਇਕ ਪ੍ਰਣਾਲੀ ਲਈ ਜ਼ਰੂਰੀ ਹਨ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ’ਤੇ ਪਾ ਦਿੱਤੀ ਹੈ। ਸੁਪਰੀਮ ਕੋਰਟ ਦੇ ਚੀਫ ਜਸਟਿਸ, ਜਸਟਿਸ ਡੀ ਵਾਈ ਚੰਦਰਚੂਹੜ ਦੀ ਅਗਵਾਈ ਹੇਠ ਕਾਲਜੀਅਮ ਨੇ 17 ਅਕਤੂਬਰ ਨੂੰ ਪੰਜ ਵਕੀਲਾਂ ਨੂੰ ਜੱਜ ਨਿਯੁਕਤ ਕਰਨ ਲਈ ਸਿਫਾਰਸ਼ ਕੀਤੀ ਸੀ ਜਿਸ ਵਿਚ ਹਰਮੀਤ ਸਿੰਘ ਗਰੇਵਾਲ, ਦੀਪਿੰਦਰ ਸਿੰਘ ਨਲਵਾ, ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਤੇ ਕੀਰਤੀ ਸਿੰਘ ਦੇ ਨਾਂ ਸ਼ਾਮਲ ਸਨ। ਕੇਂਦਰ ਸਰਕਾਰ ਨੇ 2 ਨਵੰਬਰ ਨੂੰ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਤੇ ਕੀਰਤੀ ਸਿੰਘ ਦੀ ਨਿਯੁਕਤੀ ਲਈ ਤਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ ਪਰ ਹਰਮੀਤ ਸਿੰਘ ਗਰੇਵਾਲ ਤੇ ਦੀਪਿੰਦਰ ਸਿੰਘ ਨਲਵਾ ਦੇ ਨਾਵਾਂ ਨੂੰ ਪ੍ਰਵਾਨਗੀ ਨਹੀਂ ਦਿੱਤੀ।