ਦਿੱਲੀ ਟਰੈਕਟਰ ਰੈਲੀ ‘ਚ ਗ੍ਰਿਫ਼ਤਾਰ ਕੀਤੇ ਗਏ ਹਰ ਕਿਸਾਨ ਨੂੰ ਸਰਕਾਰ ਵੱਲੋਂ ਦਿੱਤੇ ਜਾਣਗੇ 2 ਲੱਖ ਰੁਪਏ

ਪੰਜਾਬ ਸਰਕਾਰ ਵੱਲੋਂ ਜਨਵਰੀ ਵਿੱਚ ਗਣਤੰਤਰ ਦਿਵਸ ਤੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਤੋਂ ਬਾਅਦ ਦਿੱਲੀ ਵਿੱਚ ਗ੍ਰਿਫਤਾਰ ਕੀਤੇ ਗਏ 83 ਲੋਕਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਨਵਾਂ ਵਿਵਾਦ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰ ਕੇ ਖੇਤੀਬਾੜੀ ਖੇਤਰ ਦਾ ਕੰਟਰੋਲ ਨਿੱਜੀ ਹੱਥਾਂ ਵਿੱਚ ਦੇ ਦੇਵੇਗੀ। ਜਿਸ ਕਾਰਨ ਕਿਸਾਨਾਂ ਵੱਲੋਂ ਲਗਾਤਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਇਸ ਸਾਲ 26 ਜਨਵਰੀ ਨੂੰ ਦਿੱਲੀ ਪੁਲਿਸ ਅਤੇ ਕਿਸਾਨ ਆਗੂਆਂ ਵਿਚਾਲੇ ਗੱਲਬਾਤ ਤੋਂ ਬਾਅਦ ਕੁਝ ਰੂਟਾਂ ਤੇ ਕਿਸਾਨਾਂ ਦੀ ਟਰੈਕਟਰ ਰੈਲੀ ਦੀ ਇਜਾਜ਼ਤ ਦਿੱਤੀ ਗਈ ਸੀ। ਹਾਲਾਂਕਿ ਕੁਝ ਕਿਸਾਨ ਵੱਡੀ ਗਿਣਤੀ ਵਿੱਚ ਲਾਲ ਕਿਲੇ ਤੇ ਪਹੁੰਚ ਗਏ, ਜਿਸ ਤੋਂ ਬਾਅਦ ਸਥਿਤੀ ਹਫੜਾ-ਦਫੜੀ ਵਿੱਚ ਬਦਲ ਗਈ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਸੀ ਕਿ ਕਿਸਾਨਾਂ ਵੱਲੋਂ ਪਹਿਲਾਂ ਤੋਂ ਨਿਰਧਾਰਤ ਰਸਤੇ ਦੀ ਪਾਲਣਾ ਨਹੀਂ ਕੀਤੀ ਗਈ ਅਤੇ ਦਿੱਲੀ ਵਿੱਚ ਦਾਖਲ ਹੋਣ ਲਈ ਬੈਰੀਕੇਡ ਤੋੜ ਦਿੱਤੇ। ਇਸਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਟਵੀਟ ਵਿੱਚ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਮੁਆਵਜ਼ਾ ਦੇਵੇਗੀ । ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰਨ ਦਾ ਮੇਰੀ ਸਰਕਾਰ ਨੇ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 83 ਲੋਕਾਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ ।