ਮਾਤ੍ਰਿਤਵ ਵੰਦਨਾ ਯੋਜਨਾ ਤਹਿਤ 68,500 ਲਾਭਪਾਤਰੀਆਂ ਨੂੰ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ: ਡਾ: ਬਲਜੀਤ ਕੌਰ

  • ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਚੰਡੀਗੜ੍ਹ, 24 ਮਾਰਚ  : ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ, ਪ੍ਰਧਾਨ ਮੰਤਰੀ ਮਾਤ੍ਰਿਤਵ ਵੰਦਨਾ ਯੋਜਨਾ ਦੇ ਤਹਿਤ 31 ਮਾਰਚ, 2023 ਤੱਕ ਲਗਭਗ 68,500 ਲਾਭਪਾਤਰੀਆਂ ਨੂੰ ਲਗਭਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000-/ ਤਿੰਨ ਕਿਸ਼ਤਾਂ (ਰੁ. 1000$2000$2000) ਵਿੱਚ ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮਾਤ੍ਰਿਤਵ ਵੰਦਨਾ ਯੋਜਨਾ ਦੇ ਤਹਿਤ, ਇਹ ਨਕਦ ਪ੍ਰੋਤਸਾਹਨ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਕੁਝ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤਾ ਜਾਂਦਾ ਹੈ। ਮੰਤਰੀ ਨੇ ਕਿਹਾ ਕਿ ਮਾਤ੍ਰਿਤਵ ਵੰਦਨਾ ਯੋਜਨਾ ਇਹ ਯਕੀਨੀ ਬਣਾਉਣ ਵੱਲ ਇੱਕ ਕਦਮ ਹੈ ਕਿ ਹਰ ਗਰਭਵਤੀ ਔਰਤ ਨੂੰ ਗਰਭ ਅਵਸਥਾ ਅਤੇ ਦੁੱਧ ਚੁੰਘਾਉਣ ਦੌਰਾਨ ਲੋੜੀਂਦੀ ਦੇਖਭਾਲ ਮਿਲੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਸਕੀਮ ਉਸੇ ਵਚਨਬੱਧਤਾ ਦਾ ਪ੍ਰਤੀਕ ਹੈ। ਡਾ: ਬਲਜੀਤ ਕੌਰ ਨੇ ਪੰਜਾਬ ਦੀਆਂ ਸਮੂਹ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਭ ਉਠਾਉਣ ਅਤੇ ਆਪਣੀ ਅਤੇ ਆਪਣੇ ਬੱਚਿਆਂ ਦੀ ਚੰਗੀ ਦੇਖਭਾਲ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।