ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਪੂਰੀ ਤਰ੍ਹਾਂ ਪੰਜਾਬ ਨਾਲ ਸਬੰਧਿਤ ਹੈ : ਵਿੱਤ ਮੰਤਰੀ

  • ਚੰਡੀਗੜ੍ਹ ਮਸਲੇ ‘ਤੇ ‘ਆਪ’ ਵਫ਼ਦ ਨੇ ਪੰਜਾਬ ਗਵਰਨਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ,15 ਨਵੰਬਰ 2024 : ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਥਾਂ ਦੇਣ ਦੇ ਮਾਮਲੇ ‘ਤੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਹੇਠ ‘ਆਪ’ ਵਫ਼ਦ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ  ਤੋਂ ਬਾਅਦ ਵਿੱਤ ਮੰਤਰੀ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਅਸੀਂ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ‘ਆਪ’ ਵਫ਼ਦ ਨੇ ਇਸ ਮੰਗ ਪੱਤਰ ਰਾਹੀ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਕੰਪਲੈਕਸ ਬਣਾਉਣ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ‘ਆਪ’ ਆਗੂ ਦੀਪਕ ਬਾਲੀ ਅਤੇ ਪਰਮਿੰਦਰ ਸਿੰਘ ਗੋਲਡੀ ਵੀ ਹਾਜ਼ਰ ਹਨ। ਮੁਲਾਕਾਤ ਤੋਂ ਬਾਅਦ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਹੱਕ ਲਈ ਬਹੁਤ ਅਹਿਮ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਪੂਰੀ ਤਰ੍ਹਾਂ ਪੰਜਾਬ ਨਾਲ ਸਬੰਧਿਤ ਹੈ। ਇਸ ਲਈ ‘ਆਪ’ ਸਰਕਾਰ ਹਰਿਆਣਾ ਵਿਧਾਨ ਸਭਾ ਦੀ ਉਸਾਰੀ ਲਈ ਸ਼ਹਿਰ ‘ਚ ਜ਼ਮੀਨ ਅਲਾਟ ਕਰਨ ਦੀ ਕਿਸੇ ਵੀ ਕੋਸ਼ਿਸ਼ ਦੀ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਕਿਸੇ ਹੋਰ ਸੂਬੇ ਨੂੰ ਚੰਡੀਗੜ੍ਹ ‘ਚ ਵਿਧਾਨ ਸਭਾ ਬਣਾਉਣ ਦਾ ਅਧਿਕਾਰ ਨਹੀਂ ਹੈ।’’ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਪੰਚਕੂਲਾ ‘ਚ 12 ਏਕੜ ਜ਼ਮੀਨ ਦੇ ਬਦਲੇ ਚੰਡੀਗੜ੍ਹ ‘ਚ 10 ਏਕੜ ਜ਼ਮੀਨ ਦੀ ਮੰਗੀ ਕੀਤੀ ਹੈ। ਇਹ ਤਜਵੀਜ਼ ਚੰਡੀਗੜ੍ਹ ‘ਚ ਆਪਣਾ ਵਿਧਾਨ ਸਭਾ ਕੰਪਲੈਕਸ ਬਣਾਉਣਾ ਉਨ੍ਹਾਂ ਦੇ ਸਪੱਸ਼ਟ ਏਜੰਡੇ ਦਾ ਹਿੱਸਾ ਹੈ। ‘ਆਪ’ ਇਸ ਕਦਮ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਚੰਡੀਗੜ੍ਹ ਦਾ ਇਕ ਇੰਚ ਵੀ ਹਰਿਆਣਾ ਨੂੰ ਨਹੀਂ ਜਾਣ ਦੇਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਚੰਡੀਗੜ੍ਹ ਬਾਰੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ‘ਚ ਅਸਫਲ ਰਹੀਆਂ ਹਨ। ਜਦੋਂ ਪੰਜਾਬ ਅਤੇ ਹਰਿਆਣਾ ਬਣੇ ਸਨ, ਤਾਂ ਇਹ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਹਰਿਆਣਾ ਆਪਣੀ ਰਾਜਧਾਨੀ ਪੰਚਕੂਲਾ ‘ਚ ਸਥਾਪਿਤ ਕਰੇਗਾ, ਨਾ ਕਿ ਚੰਡੀਗੜ੍ਹ ‘ਚ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਆਪਣੀ ਵਿਧਾਨ ਸਭਾ ਪੰਚਕੂਲਾ ‘ਚ ਬਣਾਉਣੀ ਚਾਹੀਦੀ ਹੈ। ਇਸ ਮੌਕੇ ‘ਆਪ’ ਦੇ ਵਫ਼ਦ ਨੇ ਚਿੰਤਾ ਜ਼ਾਹਿਰ ਕੀਤੀ ਕਿ ਪਿਛਲੀਆਂ ਸੂਬਾ ਸਰਕਾਰਾਂ ਇਸ ਮੁੱਦੇ ’ਤੇ ਠੋਸ ਸਟੈਂਡ ਲੈਣ ‘ਚ ਨਾਕਾਮ ਰਹੀਆਂ ਹਨ, ਜਿਸ ਕਾਰਨ ਸਥਿਤੀ ਸਮੇਂ ਦੇ ਨਾਲ ਹੋਰ ਗੁੰਝਲਦਾਰ ਹੋ ਗਈ ਹੈ। ਉਨ੍ਹਾਂ ਕਿਹਾ, “ਅਸੀਂ ਪੰਜਾਬ ਦੇ ਹੱਕਾਂ ਨੂੰ ਹੋਰ ਖੋਰਾ ਨਹੀਂ ਲੱਗਣ ਦੇਵਾਂਗੇ। ਪੰਜਾਬ ਇੱਕ ਅਜਿਹਾ ਸੂਬਾ ਹੈ ਜੋ ਦੇਸ਼ ਲਈ ਆਪਣੀਆਂ ਕੁਰਬਾਨੀਆਂ ਲਈ ਜਾਣਿਆ ਜਾਂਦਾ ਹੈ, ਅਤੇ ਅਸੀਂ ਅੱਜ ਵੀ ਉਸ ਹੱਕ ਲਈ ਲੜਦੇ ਰਹਾਂਗੇ ਜੋ ਅਸਲੀਅਤ ‘ਚ ਸਾਡਾ ਹੈ। ‘ਆਪ’ ਨੇ ਇਹ ਵੀ ਸਪੱਸ਼ਟ ਕੀਤਾ ਅਸੀਂ ਆਪਣੇ ਹੱਕਾਂ ਲਈ ਲੜਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਚੰਡੀਗੜ੍ਹ ਪੰਜਾਬ ਦੀ ਅਣਵੰਡਿਆ ਰਾਜਧਾਨੀ ਬਣਿਆ ਰਹੇ।” ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਚ ਕੋਈ ਵੀ ਜ਼ਮੀਨ ਹਰਿਆਣਾ ਨੂੰ ਅਲਾਟ ਨਹੀਂ ਕੀਤੀ ਜਾਣੀ ਚਾਹੀਦੀ, ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ।