ਪੰਜਾਬ ਵਿੱਚ ‘ਆਪ’ ਇੱਕਲਿਆਂ ਲੜੇਗੀ ਲੋਕ ਸਭਾ ਚੋਣਾਂ, 15 ਦਿਨਾਂ ਵਿੱਚ ਐਲਾਨੇ ਜਾਣਗੇ 13 ਸੀਟਾਂ ਦੇ ਉਮੀਦਵਾਰ : ਮੁੱਖ ਮੰਤਰੀ ਮਾਨ  

ਚੰਡੀਗੜ੍ਹ, 10 ਫਰਵਰੀ : 2024 ਦੀਆਂ ਲੋਕ ਸਭਾ ਚੋਣਾਂ ਵਿੱਚ ਬਸ ਥੋੜ੍ਹਾ ਸਮਾਂ ਰਹਿ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੌਰੇ ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਲੋਕ ਸਭਾ ਚੋਣਾਂ ਆਮ ਆਦਮੀ ਪਾਰਟੀ ਇੱਕਲੇ ਹੀ ਲੜੇੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ  ਇਸ ਮਹੀਨੇ ਦੇ ਅੰਤ ਤੱਕ ਪੰਜਾਬ ਦੀਆਂ ਸਾਰੀਆਂ ਲੋਕ ਸਭਾ  ਸੀਟਾਂ ਤੋਂ ਅਤੇ ਨਾਲ ਹੀ ਚੰਡੀਗੜ ਦੀ ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਦੀ ਝੋਲੀ ਪਾ ਕੇ ਹੋਰਨਾਂ ਲਈ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੀਆਂ ਲੋਕ ਸਭਾ ਸੀਟਾਂ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕੰਮ ਕੀਤੇ ਹਨ, ਇਸ ਲਈ ਲੋਕ ਇੱਕ ਵਾਰ ਫਿਰ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ 13-0 ਨਾਲ ਇਤਿਹਾਸ ਰਚਿਆ ਜਾਵੇਗਾ ਅਤੇ ਇਹ 13 ਸੀਟਾਂ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਲੋਕਾਂ ਦਾ ਫਤਵਾ ਹੋਵੇਗਾ ਜਦਕਿ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਦੇਣਗੇ।