ਮੁੱਖ ਮੰਤਰੀ ਮਾਨ ਦੇ ਹੁਕਮ ਤੋਂ ਬਾਅਦ ਵਿਧਾਇਕ ਗਿਰਦਾਵਰੀ ਵਿੱਚ ਤੇਜ਼ੀ ਲਿਆਉਣ ਲਈ ਪਿੰਡਾਂ ਦਾ ਦੌਰਾ ਕਰ ਕਿਸਾਨਾਂ ਨਾਲ ਕਰ ਰਹੇ ਮੁਲਾਕਾਤਾਂ 

  • ਕੈਬਿਨੇਟ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ ਨੇ ਕੀਤਾ ਹੁਸ਼ਿਆਰਪੁਰ ਦੇ ਪਿੰਡਾਂ ਦਾ ਦੌਰਾ
  • ਕਿਹਾ , ਮੁੱਖ ਮੰਤਰੀ ਮਾਨ ਦੇ ਹੁਕਮਾਂ ਅਨੁਸਾਰ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦੀ ਕਰ ਦਿੱਤੀ ਜਾਵੇਗੀ ਭਰਪਾਈ 
  • ਕਿਸਾਨਾਂ ਨੂੰ ਪ੍ਰਤੀ ਏਕੜ 15,000 ਰੁਪਏ ਮੁਆਵਜ਼ਾ ਮਿਲੇਗਾ, ਜੋ ਪਿਛਲੀ ਸਰਕਾਰਾਂ ਨਾਲੋਂ ਕਿਤੇ ਜ਼ਿਆਦਾ: ਵਿਧਾਇਕ ਬਲਕਾਰ ਸਿੰਘ

ਚੰਡੀਗੜ੍ਹ, 02 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਲਗਾਤਾਰ ਆਪਣੇ ਵਿਧਾਨ ਸਭਾ ਖੇਤਰ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਮਿਲ ਰਹੇ ਹਨ ਅਤੇ ਉਨ੍ਹਾਂ ਦੀ ਸਮੱਸਿਆਵਾਂ ਸੁਣ ਰਹੇ ਹਨ । ਮੁੱਖ ਮੰਤਰੀ ਮਾਨ ਨੇ ਸਾਰੇ ਵਿਧਾਇਕਾਂ ਨੂੰ ਵਿਸ਼ੇਸ਼ ਗਿਰਦਾਵਰੀ ਪ੍ਰਰਿਕ੍ਰੀਆ ਵਿੱਚ ਤੇਜ਼ੀ ਲਿਆਉਣ ਲਈ ਕਿਸਾਨਾਂ ਨਾਲ ਮੁਲਾਕਾਤ ਕਰਨ ਨੂੰ ਕਿਹਾ ਹੈ ਤਾਂ ਕਿ ਬੇਮੌਸਮੀ ਮੀਂਹ ਅਤੇ ਗੜੇਮਾਰੀ ਨਾਲ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਬਰਬਾਦ ਹੋਈ ਹੈ, ਉਨ੍ਹਾਂ ਨੂੰ ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਉਨ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਸਕੇ। ਐਤਵਾਰ ਨੂੰ ਕੈਬਿਨੇਟ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਪਿੰਡਾਂ ਵਿੱਚ ਜਾ ਕੇ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਕਿਸਾਨਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ,ਅਸੀਂ ਪਿਛਲੇ ਸਾਲ ਮਾਰਚ ਵਿੱਚ ਸਰਕਾਰ ਬਣਾਉਣ ਤੋਂ ਬਾਅਦ 2020 ਤੋਂ ਖੜ੍ਹੇ 150 ਕਰੋੜ ਰੁਪਏ ਦੇ ਮੁਆਵਜ਼ੇ ਵੀ ਦਿੱਤੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਧਿਕਾਰੀਆਂ ਦੇ ਨਾਲ ਆਪਣੇ ਵਿਧਾਨ ਸਭਾ ਖੇਤਰਾਂ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ ਤਾਂ ਕਿ ਛੇਤੀ ਤੋਂ ਛੇਤੀ ਗਿਰਦਾਵਰੀ ਰਿਪੋਰਟ ਤਿਆਰ ਕੀਤੀ ਜਾ ਸਕੇ, ਕਿਉਂਕਿ ਮੁੱਖ ਮੰਤਰੀ ਨੇ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਦੇ ਸਪਸ਼ਟ ਨਿਰਦੇਸ਼ ਜਾਰੀ ਕੀਤੇ ਹਨ। ਖੇਮਕਰਨ ਵਿਧਾਇਕ ਸਰਵਨ ਸਿੰਘ ਨੇ ਅਧਿਕਾਰੀਆਂ ਨਾਲ ਸੂਰਸਿੰਘ ਦਾ ਦੌਰਾ ਕਰਨ ਦੌਰਾਨ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਛੇਤੀ ਹੀ ਮੁਆਵਜ਼ਾ ਦਿਵਾਉਣ ਦਾ ਭਰੋਸਾ ਦਿੱਤਾ। ਉੱਥੇ ਹੀ ਹਰਦੀਪ ਸਿੰਘ ਮੁੰਡੀਆ ਨੇ ਆਪਣੇ ਵਿਧਾਨ ਸਭਾ ਖੇਤਰ ਸਾਹਨੇਵਾਲ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਉੱਥੇ ਗਿਰਦਾਵਰੀ ਦੀ ਪ੍ਰਰਿਕ੍ਰੀਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਨੇ ਜ਼ਰੂਰਤ ਦੀ ਇਸ ਘੜੀ ਵਿੱਚ ਕਿਸਾਨਾਂ ਦੀ ਮਦਦ ਲਈ ਆਪਣੀ ਇਸ ਮਹੀਨੇ ਦੀ ਤਨਖ਼ਾਹ ਨੂੰ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਦਾਨ ਕਰਨ ਦਾ ਵੀ ਫ਼ੈਸਲਾ ਕੀਤਾ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਰੂਪਨਗਰ ਵਿਧਾਨ ਸਭਾ ਖੇਤਰ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਉੱਥੇ ਦੇ ਕਿਸਾਨਾਂ ਨੂੰ ਕਿਹਾ ਕਿ ਮਾਨ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ। ਅੱਜ ਕਿਸਾਨਾਂ ਦੇ ਸਾਹਮਣੇ ਜੋ ਸੰਕਟ ਹੈ ਉਸ ਤੋਂ ਉਹ ਪੂਰੀ ਤਰ੍ਹਾਂ ਵਾਕਫ਼ ਹਨ। ਮੀਂਹ ਦੇ ਕਾਰਨ ਬਰਬਾਦ ਹੋਈ ਫ਼ਸਲ ਦੀ ਇੱਕ - ਇੱਕ ਪਾਈ ਦੇ ਨੁਕਸਾਨ ਦੀ ਮਾਨ ਸਰਕਾਰ ਵੱਲੋਂ ਭਰਪਾਈ ਕੀਤੀ ਜਾਵੇਗੀ। ਵਿਧਾਇਕ ਬਲਕਾਰ ਸਿੰਘ ਕਰਤਾਰਪੁਰ ਦੇ ਨੌਗਜਾ ਪਿੰਡ ਦੇ ਕਿਸਾਨਾਂ ਨਾਲ ਮਿਲੇ ਅਤੇ ਉੱਥੇ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਛੇਤੀ ਤੋਂ ਛੇਤੀ ਗਿਰਦਾਵਰੀ ਕਰਨ ਲਈ ਸਰਕਾਰੀ ਮਸ਼ੀਨਰੀ ਲਗਾ ਦਿੱਤੀ ਹੈ । ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਜੋ ਪਿਛਲੀ ਸਰਕਾਰਾਂ ਦੁਆਰਾ ਕਿਸਾਨਾਂ ਨੂੰ ਮੀਂਹ ਅਤੇ ਗੜੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਲਈ ਦਿੱਤੇ ਜਾਣ ਵਾਲੇ ਮੁਆਵਜ਼ੇ ਤੋਂ ਕਿਤੇ ਜ਼ਿਆਦਾ ਹੈ। ਉਨ੍ਹਾਂ ਨੇ ਇਸ ਕਿਸਾਨ ਹਿਤੈਸ਼ੀ ਕਦਮ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ।