ਪਿਛਲੀਆਂ ਸਰਕਾਰਾਂ ਦੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇਗੀ : ਭਗਵੰਤ ਮਾਨ

ਚੰਡੀਗੜ੍ਹ : ਪਿਛਲੀਆਂ ਸਰਕਾਰਾਂ ਦੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਝਾਰਖੰਡ ਦੀ ਪਛਵਾੜਾ ਖਾਨ ਤੋਂ ਕੋਲੇ ਨਾਲ ਭਰੀ ਪਹਿਲੀ ਰੇਲਗੱਡੀ ਦਾ ਸਵਾਗਤ ਕਰਨ ਲਈ ਰੋਪੜ ਪਹੁੰਚੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵੱਡਾ ਕਦਮ ਚੁੱਕ ਰਿਹਾ ਹੈ ਕਿਉਂਕਿ ਸੂਬੇ ਦੇ ਕਿਸੇ ਵੀ ਥਰਮਲ ਪਲਾਂਟ ਨੂੰ ਕੋਲੇ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਲਈ ਰੱਖੀ ਗਈ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋ ਗਈ ਹੈ ਅਤੇ ਇਸ ਖਾਨ ਕੋਲ ਸੂਬੇ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਾਧੂ ਕੋਲਾ ਹੈ।