ਚੰਡੀਗੜ੍ਹ, 10 ਅਪ੍ਰੈਲ : ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਅੱਜ ਆਈਜੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪਪਲਪ੍ਰੀਤ ਸਿੰਘ ਤੇ ਐਨਐਸਏ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਪਪਲਪ੍ਰੀਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਪਲਪ੍ਰੀਤ ਹੋਰ 6 ਕੇਸਾਂ ਵਿੱਚ ਵੀ ਲੋੜੀਦਾ ਸੀ। ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਪੁਲਿਸ ਟੀਮਾਂ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕੁਝ ਅਹਿਮ ਸੁਰਾਗਾਂ 'ਤੇ ਕਾਰਵਾਈ ਕਰ ਰਹੀਆਂ ਸਨ।ਆਈਜੀਪੀ, ਜਿਹਨਾਂ ਨਾਲ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਵੀ ਮੌਜੂਦ ਸਨ, ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਦਮ ਚੁੱਕਦਿਆਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਪਲਪ੍ਰੀਤ ਸਿੰਘ ਪੰਜਾਬ ਪੁਲੀਸ ਨੂੰ ਛੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਸਮੂਹ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਅਤੇ ਝੂਠੀਆਂ ਖ਼ਬਰਾਂ ਤੇ ਅਫਵਾਹਾਂ 'ਤੇ ਕੋਈ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਸਥਿਰ ਹੈ।