ਕੈਪਟਨ ਅਮਰਿੰਦਰ ਸਿੰਘ ਨਾਲ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

ਮਾਨ ਸਰਕਾਰ ਦੇ 6 ਮਹੀਨਿਆਂ ਦੇ ਰਾਜ ਦੌਰਾਨ ਸੂਬੇ ਦੇ ਲੋਕ ਤ੍ਰਾਹਿ-ਤ੍ਰਾਹਿ ਕਰ ਉਠੇ ਹਨ : ਸ਼ਰਮਾ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੇ ਸਿਸਵਾਂ ਫਾਰਮ ਹਾਉਸ ਪੁੱਜ ਕੇ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਤਾਜ਼ਾ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਸ਼ਰਮਾ ਨੇ ਭਾਜਪਾ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਲੜਨ ਦੀ ਰਣਨੀਤੀ ਬਾਰੇ ਵੀ ਉਹਨਾਂ ਨਾਲ ਚਰਚਾ ਕੀਤੀ। ਸ਼ਰਮਾ ਨੇ ਕੱਲ੍ਹ ਚੰਡੀਗੜ੍ਹ ਵਿਖੇ ਪੰਜਾਬ ਵਿੱਚ ਵਾਪਰੇ ਘਟਨਾਕ੍ਰਮ ਬਾਰੇ ਕੈਪਟਨ ਨਾਲ ਵੀ ਗੱਲਬਾਤ ਕੀਤੀ ਅਤੇ ਪੰਜਾਬ ਵਿੱਚ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਇਸ ਲਈ ਸਰਕਾਰ ਨਾਲ ਕਿਵੇਂ ਲੜਨਾ ਹੈ, ਇਸ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਉਹਨਾਂ ਨਾਲ ਸੂਬਾ ਸੰਗਠਨ ਮਹਾਮੰਤਰੀ ਸ਼੍ਰੀਮੰਤਰੀ ਸ਼੍ਰੀਨਿਵਾਸੁਲੂ, ਸੂਬਾ ਭਾਜਪਾ ਮਹਾਮੰਤਰੀ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ ਅਤੇ ਰਾਜੇਸ਼ ਬਾਗਾ ਵੀ ਹਾਜਰ ਸਨI ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਭ੍ਰਿਸ਼ਟ ਸਰਕਾਰ ਕਿਹਾ ਜਾਵੇ ਤਾਂ ਗਲਤ ਨਹੀਂ ਹੋਵੇਗਾ ਕਿਉਂਕਿ ਇਸਦੇ ਮੰਤਰੀ ਹਰ ਰੋਜ਼ ਭ੍ਰਿਸ਼ਟਾਚਾਰ ਦੇ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ। ਪਰ ਇਸ ਸਬੰਧੀ ਨਾ ਤਾਂ ਕੇਜਰੀਵਾਲ ਜਾਂ ਉਨ੍ਹਾਂ ਦੇ ਮੰਤਰੀ ਕੁਝ ਕਹਿੰਦੇ ਹਨ ਅਤੇ ਨਾ ਹੀ ਭਗਵੰਤ ਮਾਨ ਜਾਂ ਉਨ੍ਹਾਂ ਦੇ ਮੰਤਰੀ। ਮਾਨ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਂ ਦੀ ਸੌਦੇਬਾਜ਼ੀ ਦੀ ਵਾਇਰਲ ਆਡੀਓ 'ਤੇ ਮਾਨ ਸਰਕਾਰ ਦੇ ਮੰਤਰੀਆਂ ਨੇ ਕਿਉਂ ਮੂੰਹ ਨਹੀਂ ਖੋਲਿਆ? ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਚੋਣਾਂ ਵਿੱਚ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਾਪਤੀ, ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਜੋ ਵਾਅਦੇ ਕੀਤੇ ਗਏ ਸਨ, ਉਹ ਸਿਰਫ਼ ਐਲਾਨਾਂ ਤੱਕ ਹੀ ਸੀਮਤ ਰਹਿ ਗਏ ਹਨ। 'ਆਪ' ਸਰਕਾਰ ਪੰਜਾਬ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਭੱਜ ਰਹੀ ਹੈ। ਭਗਵੰਤ ਮਾਨ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਭਾਰਤੀ ਜਨਤਾ ਪਾਰਟੀ 'ਤੇ ਦੋਸ਼ ਲਗਾ ਕੇ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਭਾਜਪਾ ਉਨ੍ਹਾਂ ਨੂੰ ਆਪਣੇ ਮਕਸਦ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਭਾਜਪਾ ਭਗਵੰਤ ਮਾਨ ਸਰਕਾਰ ਨੂੰ ਜਨਤਾ ਦੇ ਸਾਹਮਣੇ ਜਨਤਾ ਨਾਲ ਕੀਤੇ ਝੂਠੇ ਵਾਅਦਿਆਂ ਦਾ ਜਵਾਬ ਦੇਣ ਅਤੇ ਇਨ੍ਹਾਂ ਝੂਠੇ ਵਾਅਦਿਆਂ ਬਾਰੇ ਪ੍ਰਚਾਰ ਵਿੱਚ ਖਰਚ ਕੀਤੇ ਗਏ ਟੈਕਸਾਂ ਦੇ ਕਰੋੜਾਂ ਰੁਪਏ ਦਾ ਹਿਸਾਬ ਦੇਣ ਲਈ ਮਜਬੂਰ ਕਰੇਗੀ।  ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ 6 ਮਹੀਨਿਆਂ ਦੇ ਰਾਜ ਦੌਰਾਨ ਸੂਬੇ ਦੇ ਲੋਕ ਤ੍ਰਾਹਿ-ਤ੍ਰਾਹਿ ਕਰ ਉਠੇ ਹਨ। ਲੋਕ ‘ਆਪ’ ਆਗੂਆਂ ਨੂੰ ਵੋਟਾਂ ਪਾ ਕੇ ਪਛਤਾ ਰਹੇ ਹਨ। ਭਾਜਪਾ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਲੜਦੀ ਰਹੀ ਹੈ ਅਤੇ ਅੱਗੇ ਵੀ ਲੜਦੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਪੰਜਾਬ ਵਿੱਚ ਵੀ ਭਾਜਪਾ ਨੂੰ ਅਗਲੇ ਵਿਕਲਪ ਵਜੋਂ ਚੁਣ ਲਿਆ ਹੈ।