ਬ੍ਰਹਮ ਮੋਹਿੰਦਰਾ ਦੀ ਮੌਜੂਦਗੀ ‘ਚ ਸ਼ਿਕਾਇਤਾਂ ਦੇ ਹੱਲ ਕਾਰਨ ਨਗਰ ਨਿਗਮ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ,

ਬ੍ਰਹਮ ਮੋਹਿੰਦਰਾ ਸਥਾਨਕ ਸਰਕਾਰਾਂ ਮੰਤਰੀ ਦੀ ਮੌਜੂਦਗੀ ‘ਚ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਹੱਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਕਰਮਚਾਰੀਆਂ ਦੀ ਹੜਤਾਲ ਅੱਜ ਖਤਮ ਹੋ ਗਈ। ਜਾਣਕਾਰੀ ਦਿੰਦਿਆਂ ਬ੍ਰਹਮ ਮੋਹਿੰਦਰਾ ਨੇ ਦੱਸਿਆ ਕਿ ਕੈਬਨਿਟ ਦੀ ਮੀਟਿੰਗ ਵਿਚ ਸਫਾਈ ਸੇਵਕਾਂ ਤੇ ਸੀਵਰਮੈਨਾਂ ਦੀਆਂ ਨੌਕਰੀਆਂ ਨੂੰ ਰੈਗੂਲਰ ਕਰਨ ਦਾ ਫੈਸਲਾ ਪਹਿਲਾਂ ਹੀ ਲਿਆ ਜਾ ਚੁੱਕਾ ਹੈ ਤੇ ਹੁਣ ਸ਼ਹਿਰੀ ਸਥਾਨਕ ਇਕਾਈਆਂ ਨੂੰ ਇਸ ਅਧੀਨ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦੇ ਦਿੱਤੇ ਗਏ ਹਨ ਅਤੇ ਇੱਕ ਮਹੀਨੇ ਦੇ ਅੰਦਰ-ਅੰਦਰ ਸਾਰੀ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ। ਇਸ ਤੋਂ ਇਲਾਵਾ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੀਆਂ ਜੋ ਵੀ ਸਮੱਸਿਆਵਾਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਿਆ ਜਾਵੇਗਾ ਤੇ ਹੱਲ ਕੀਤਾ ਜਾਵੇਗਾ।ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮੋਹਿੰਦਰਾ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੌਰਾਨ ਨਗਰ ਨਿਗਮ ਦੇ ਫਰੰਟ ਲਾਈਨ ਵਰਕਰਾਂ ਵੱਲੋਂ ਪੂਰੀ ਈਮਾਨਦਾਰੀ ਤੇ ਲਗਨ ਨਾਲ ਸੇਵਾਵਾਂ ਨਿਭਾਈਆਂ ਗਈਆਂ ਹਨ ਜੋ ਕਿ ਸ਼ਲਾਘਾਯੋਗ ਹੈ।

nagar Nigam

ਬਰਾਬਰ ਕੰਮ ਬਰਾਬਰ ਤਨਖਾਹ ਦੇ ਮੁੱਦੇ ‘ਤੇ ਬੋਲਦਿਆਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਇਸ ਸੰਬੰਧੀ ਸਾਰੇ ਯੂ.ਐੱਲ.ਬੀਜ਼. ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸਫਾਈ ਸੇਵਕਾਂ ਨੂੰ 500 ਰੁਪਏ ਦਾ ਵਿਸ਼ੇਸ਼ ਭੱਤਾ / ਤੇਲ ਭੱਤਾ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਇਹ ਵੀ ਮੰਗ ਕੀਤੀ ਗਈ ਹੈ ਕਿ ਡਿਵੈਲਪਮੈਂਟ ਟੈਕਸ ਵਿਚ 200 ਰੁਪਏ ਦੀ ਛੋਟ ਦਿੱਤੀ ਜਾਵੇ, ਜਿਸ ‘ਤੇ ਵਿਚਾਰ ਕੀਤਾ ਜਾਵੇਗਾਤੇ ਵਿੱਤ ਵਿਭਾਗ ਵੱਲੋਂ ਜਿਵੇਂ ਹੀ ਮਨਜ਼ੂਰੀ ਮਿਲਦੀ ਹੈ, ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।