21 ਸਿੱਖ ਬਹਾਦਰ ਸਿਪਾਹੀਆਂ ਦੀ ਬਹਾਦਰੀ ਦੀ ਅਦੁੱਤੀ ਮਿਸਾਲ ਸਾਰਾਗੜ੍ਹੀ ਦੀ ਜੰਗ

ਰਾਏਕੋਟ, (ਜੱਗਾ): ਨੇੜਲੇ ਪਿੰਡ ਝੋਰੜਾਂ ਦੇ ਹੌਲਦਾਰ ਈਸ਼ਰ ਸਿੰਘ ਦੀ ਕਮਾਂਡ ਹੇਠ 12 ਸਤੰਬਰ 1897 ਨੂੰ ਲੜੀ ਗਈ ਸਾਰਾਗੜ੍ਹੀ ਦੀ ਜੰਗ ਪੂਰੇ ਵਿਸ਼ਵ ’ਚ ਪ੍ਰਸਿੱਧ ਹੈ। ਇਹ ਜੰਗ 21 ਸਿੱਖ ਬਹਾਦਰ ਸਿਪਾਹੀਆਂ ਦੀ ਬਹਾਦਰੀ ਦੀ ਅਦੁੱਤੀ ਮਿਸਾਲ ਪੇਸ਼ ਕਰਦੀ ਹੈ, ਜਿੰਨ੍ਹਾਂ 21 ਜਵਾਨਾਂ ਨੇ 12000 ਅਫਗਾਨੀਆਂ ਦਾ ਡਟ ਕੇ ਮੁਕਾਬਲਾ ਹੀ ਨਹੀਂ ਕੀਤਾ ਸਗੋਂ ਦੁਸ਼ਮਣ ਦਾ ਭਾਰੀ ਨੁਕਸ਼ਾਨ ਕਰਕੇ ਸ਼ਹੀਦੀਆਂ ਪ੍ਰਾਪਤ ਕੀਤੀਆਂ।            
                       ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ 36 ਸਿੱਖ ਰੈਜਮੈਂਟ’ ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ ਅਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਸਾਰਾਗੜ੍ਹੀ ਵਿਖੇ ਲੜੀ ਗਈ ਸੀ। ਸਾਰਾਗੜ੍ਹੀ ਸਮਾਨਾ ਘਾਟੀ ’ਚ ਕੋਹਾਟ ਜ਼ਿਲ੍ਹੇ ਦਾ ਪਿੰਡ ਹੈ, ਜਿੱਥੋਂ ਕੁਹਾਟ 35 ਮੀਲ ਅਤੇ ਪਿਸ਼ਾਵਰ 50 ਕੁ ਮੀਲ ਦੀ ਦੂਰੀ ’ਤੇ ਪੈਂਦਾ ਹੈ। ਇਸ ਚੌਕੀ ਦੀ ਅਹਿਮੀਅਤ ਇਸ ਕਰਕੇ ਵੀ ਜ਼ਿਆਦਾ ਹੈ ਕਿ ਲੋਕਹਾਰਟ ਕਿਲ੍ਹਾ ਤੇ ਗੁਲਸਤਾਨ ਕਿਲ੍ਹੇ ਵਿਚਕਾਰ 6 ਕਿਲੋਮੀਟਰ ਦਾ ਫਾਸਲਾ ਹੈ। ਇਨ੍ਹਾਂ ਦੋਵਾਂ ਕਿਲਿ੍ਹਆਂ ਦੇ ਵਿਚਕਾਰ ਨੀਵੇਂ ਇਲਾਕੇ ਵਿੱਚ ਸਾਰਾਗੜ੍ਹੀ ਸਥਿਤ ਹੈ। ਨਿਰੋਲ ਪਹਾੜੀ ਇਲਾਕਾ ਹੈ। ਇਨ੍ਹਾਂ ਦੋਵਾਂ ਕਿਲਿ੍ਹਆਂ ਨੂੰ ਝੰਡੀ ਦਿਖਾਉਣ ਲਈ ਇਸ ਚੌਕੀ ਦੀ ਸਥਾਪਨਾ ਕੀਤੀ ਗਈ ਸੀ।12 ਸਤੰਬਰ ਨੂੰ 12000 ਅਫਗਾਨੀਆਂ ਨੇ ਸਾਰਾਗੜ੍ਹੀ ’ਤੇ ਹਮਲਾ ਕਰ ਦਿੱਤਾ। ਹਵਲਦਾਰ ਈਸ਼ਰ ਸਿੰਘ ਗਿੱਲ ਦੀ ਅਗਵਾਈ ਵਿੱਚ ਇਹਨਾਂ ਸੂਰਬੀਰ 21 ਸਿੱਖਾਂ ਜਵਾਨਾਂ ਨੇ ਗ਼ੈਰ ਮੁਕਾਬਲਤਨ ਲੜਾਈ ਵਿੱਚ 12000 ਹਜ਼ਾਰ ਅਫਗਾਨਾਂ ਦਾ ਮੁਕਾਬਲਾ ਕਰਨ ਦਾ ਫ਼ੈਸਲਾ ਕੀਤਾ। ਦੁਸ਼ਮਣਾਂ ਨੇ ਹਵਲਦਾਰ ਈਸ਼ਰ ਸਿੰਘ ਗਿੱਲ ਨੂੰ ਚੌਕੀ ਖਾਲੀ ਕਰਨ ਲਈ ਬਹੁਤ ਲਾਲਚ ਦਿੱਤੇ ਪਰ ਅਣਖੀਲੇ ਸਿਪਾਹੀਆਂ ਨੇ ਸਾਰੇ ਲਾਲਚ ਠੁਕਰਾ ਦਿੱਤੇ। ਅੰਗਰੇਜ਼ ਅਫਸਰ ਕਰਨਲ ਹਾਰਟਨ ਲੋਕਹਾਰਟ ਦੇ ਕਿਲੇ ਤੋਂ ਸਭ ਕੁਝ ਦੇਖ ਰਿਹਾ ਸੀ। ਉਸ ਨੇ ਸਹਾਇਤਾ ਭੇਜਣ ਦਾ ਯਤਨ ਕੀਤਾ ਪਰ ਕੋਸ਼ਿਸ਼ ਅਸਫਲ ਰਹੀ, ਕਿਉਂਕਿ ਸਾਰਾ ਇਲਾਕਾ ਦੁਸ਼ਮਣਾਂ ਦੇ ਘੇਰੇ ਵਿੱਚ ਸੀ। ਸੈਂਕੜੇ ਅਫਗਾਨਾਂ ਨੂੰ ਮੌਤ ਦੀ ਨੀਂਦ ਸੁਲਾਉਣ ਤੋਂ ਬਾਅਦ ਹਵਲਦਾਰ ਈਸ਼ਰ ਸਿੰਘ ਬੋਲੇ ਸੋ ਨਿਹਾਲ ਦੇ ਜੈਕਾਰੇ ਛੱਡਦੇ ਹੋਏ ਬਿਨਾਂ ਹਥਿਆਰ ਹੀ ਦੁਸ਼ਮਣਾਂ ’ਤੇ ਟੁੱਟ ਪਏ ਅਤੇ 20 ਤੋਂ ਵੱਧ ਨੂੰ ਮਾਰ ਸੁੱਟਿਆ। ਦੁਸ਼ਮਣਾਂ ਦੇ ਕੰਧ ਵਿੱਚ ਪਾੜ ਪਾ ਲੈਣ ਦੇ ਬਾਵਜੂਦ ਸਿੱਖਾਂ ਨੇ ਉਹਨਾਂ ਨੂੰ ਚੌਂਕੀ ‘ਤੇ ਕਬਜ਼ਾ ਨਹੀਂ ਕਰਨ ਦਿੱਤਾ। 12000 ਦੀ ਫੌਜ ਦੇ ਮੁਕਾਬਲੇ 21 ਸਿਪਾਹੀ, ਪਰ ਇਹਨਾਂ ਬਹਾਦਰ ਸਿਪਾਹੀਆਂ ਨੇ ਜਿਉਂਦੇ ਜੀ ਚੌਂਕੀ ‘ਤੇ ਕਬਜ਼ਾ ਨਹੀਂ ਹੋਣ ਦਿੱਤਾ। ਇਸ ਅਦੁੱਤੀ ਬਹਾਦਰੀ ਦੀ ਖ਼ਬਰ ਨਾਲ ਪੂਰੀ ਦੁਨੀਆ ਦੰਗ ਰਹਿ ਗਈ। ਬ੍ਰਿਟਿਸ਼ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚ ਮੈਂਬਰਾਂ ਨੇ ਖੜ੍ਹੇ ਹੋ ਕੇ ਇਹਨਾਂ ਸੂਰਬੀਰ ਸਿੱਖ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
                    ਸਿੱਖ ਰੈਜੀਮੈਂਟ ਦੇ ਇਹਨਾਂ 21 ਸਿਪਾਹੀਆਂ ਨੂੰ ਮਰਨ ਉਪਰੰਤ ‘ਇੰਡੀਅਨ ਆਰਡਰ ਆਫ ਮੈਰਿਟ’ ਨਾਲ ਸਨਮਾਨਿਆ ਗਿਆ ਜੋ ਅੱਜ ਦੇ ਪਰਮਵੀਰ ਚੱਕਰ ਦੇ ਬਰਾਬਰ ਦਾ ਸਨਮਾਨ ਸੀ। ਇਸ ਯੁੱਧ ਤੋਂ ਪਹਿਲਾਂ ‘ਤੇ ਬਾਅਦ ਵਿੱਚ ਹੁਣ ਤੱਕ ਇੰਨਾ ਵੱਡਾ ਇਕੱਠਾ ਸਨਮਾਨ ਕਿਸੇ ਵੀ ਫੌਜੀ ਰੈਜੀਮੈਂਟ ਨੂੰ ਅੱਜ ਤੱਕ ਨਹੀਂ ਮਿਲਿਆ। ਇੰਗਲੈਂਡ ਅਤੇ ਕੈਨੇਡਾ ਵਿੱਚ ਅੱਜ ਵੀ ਸਾਰਾਗੜ੍ਹੀ ਦਿਵਸ ਕਾਫੀ ਵੱਡੇ ਪੱਧਰ ‘ਤੇ ਮਨਾਇਆ ਜਾਂਦਾ ਹੈ, ਜਿਥੇ ਕਿ ਸਰਕਾਰੀ ਨੁਮਾਇੰਦੇ, ਸ਼ਹੀਦ ਫੌਜੀਆਂ ਦੇ ਪਰਿਵਾਰ ਅਤੇ ਸਿੱਖ ਸਾਬਕਾ ਫੌਜੀ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚਦੇ ਹਨ।ਇਹਨਾਂ 21 ਬਹਾਦਰ ਸਿਪਾਹੀਆਂ ਦੀ ਜਿਹੜੀ ਪ੍ਰੇਰਣਾਦਾਇਕ ਦਾਸਤਾਨ ਫਰਾਂਸ ਦੇ ਸਕੂਲਾਂ ਦੇ ਸਿਲੇਬਸ ਵਿੱਚ ਪੜ੍ਹਾਈ ਜਾ ਰਹੀ ਹੈ। ਅੱਜ ਮਿਤੀ 12 ਸਤੰਬਰ ਨੂੰ ਪਿੰਡ ਝੋਰੜਾਂ ਵਿਖੇ ਸੰਸਾਰ ਪ੍ਰਸਿੱਧ ਸਾਰਾਗੜ੍ਹੀ ਦੀ ਲੜਾਈ ਦੇ ਹੀਰੋ ਕਮਾਂਡਰ ਹੌਲਦਾਰ ਈਸ਼ਰ ਸਿੰਘ ਨੂੰ ਇਕ ਵਿਸੇਸ਼ ਸਮਾਗਮ ਕਰਵਾ ਸਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ ਅਤੇ 25 ਸਿੱਖ ਬਟਾਲੀਅਨ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਜਾਵੇਗੀ। ਸਾਰਾਗੜ੍ਹੀ ਦੇ ਸ਼ਹੀਦ ਹੌਲਦਾਰ ਈਸ਼ਰ ਸਿੰਘ ਦੇ ਪੜਪੋਤੇ ਸੰਤੋਖ ਸਿੰਘ ਝੋਰੜਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੀ ਗਾਥਾ ਚਾਹੇ ਪੂਰੇ ਵਿਸ਼ਵ ਵਿੱਚ ਚਰਚਿਤ ਹੈ, ਪਰ ਇੱਥੋਂ ਦੀਆਂ ਸਰਕਾਰਾਂ ਨੇ ਜੰਗ ਦੇ ਹੀਰੋ ਹੌਲਦਾਰ ਈਸ਼ਰ ਸਿੰਘ ਨੂੰ ਭੁਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅੱਜ ਤੱਕ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਸਨਮਾਨ ਦਿੱਤਾ ਹੈ ਅਤੇ ਨਾ ਹੀ ਕੋਈ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਸਾਰਾਗੜ੍ਹੀ ਦੇ ਸ਼ਹੀਦ ਹੌਲਦਾਰ ਈਸ਼ਰ ਸਿੰਘ ਦੇ ਨਾਮ ’ਤੇ ਇੱਕ ਹਸਪਤਾਲ ਜਰੂਰ ਬਣਾਇਆ ਗਿਆ ਹੈ, ਜਿਸ ਦੀ ਬਿਲਡਿੰਗ ਤਾਂ ਬਣ ਕੇ ਤਿਆਰ ਹੋ ਚੁੱਕੀ ਹੈ, ਪਰ ਡਾਕਟਰ ਦੀ ਤੈਨਾਤੀ ਅੱਜ ਤੱਕ ਨਹੀਂ ਹੋਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਹੌਲਦਾਰ ਈਸ਼ਰ ਸਿੰਘ ਦੀ ਯਾਦ ’ਚ ਬਣਾਏ ਹਸਪਤਾਲ ਵਿੱਚ ਡਾਕਟਰ ਜਰੂਰ ਤੈਨਾਤ ਕੀਤੇ ਜਾਣ।