ਕੇਂਦਰ ਸਰਕਾਰ ਦੇ ਮੁਫਤ ਰਾਸ਼ਨ ਸ਼ਕੀਮ ਤੇ ਭਗਵੰਤ ਮਾਨ ਸਰਕਾਰ ਆਪਣੀ ਮੋਹਰ ਲਗਾਉਣਾ ਚਾਹੁੰਦੀ ਹੈ : ਸੁਨੀਲ ਜਾਖੜ

ਚੰਡੀਗੜ੍ਹ, 16 ਨਵੰਬਰ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁਫ਼ਤ ਰਾਸ਼ਨ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਪੰਜਾਬ ਦੇ 1 ਕਰੋੜ 40 ਲੱਖ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੇਂਦਰ ਸਰਕਾਰ ਨੇ ਕੀਤਾ ਹੈ, ਪਰ ਪੰਜਾਬ ਸਰਕਾਰ ਇਸ ਦਾ ਸਿਹਰਾ ਵੀ ਅਪਣੇ ਆਪ ਨੂੰ ਦੇਣ ਦੀ ਤਿਆਰੀ ਕਰ ਰਹੀ ਹੈ। ਮਾਨ ਸਰਕਾਰ ਵਲੋਂ ਇਸ ਮੁਫ਼ਤ ਰਾਸ਼ਨ ’ਤੇ ਮੁੱਖ ਮੰਤਰੀ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀ ਦੀ ਫੋਟੋ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਚੀਜ਼ ਦਾ ਕ੍ਰੈਡਿਟ ਲੈਣਾ ਚਾਹੁੰਦੇ ਹਨ। ਉਨ੍ਹਾਂ ਦੀ ਸਰਕਾਰ ਨੇ ਇਸੇ ਤਰ੍ਹਾਂ ਸਕੂਲ ਆਫ ਐਮੀਨੈਂਸ ਅਤੇ ਆਮ ਆਦਮੀ ਕਲੀਨਿਕ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਗੁਰੂ ਨਾਨਕ ਦੇਵ ਜੀ ਦੀ ਸੋਚ ਨਾਲ ਖਿਲਵਾੜ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਭਰ ਦੇ 80 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ ਮੁਹਈਆ ਕਰਵਾਇਆ ਜਾ ਰਿਹਾ ਹੈ, ਇਹ ਸਕੀਮ ਅਗਲੇ 5 ਸਾਲ ਲਈ ਵਧਾਈ ਗਈ ਹੈ। ਪੰਜਾਬ ਸਰਕਾਰ ਇਸ ਸਕੀਮ ਦਾ ਸਿਹਰਾ ਅਪਣੇ ਸਿਰ ਲੈਣਾ ਚਾਹੁੰਦੀ ਹੈ, ਦਿੱਲੀ ਵਿਚ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਹਾਈ ਕੋਰਟ ਨੇ ਰੋਕ ਦਿਤਾ ਸੀ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਅਨਾਜ ਲਈ 2 ਹਜ਼ਾਰ ਕਰੋੜ ਰੁਪਏ ਦਿੰਦੀ ਹੈ ਪਰ ਪੰਜਾਬ ਸਰਕਾਰ ਇਸ ਨੂੰ ਹਾਈਜੈਕ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਲੋਕਾਂ ਨੂੰ ਇਸ ਸਬੰਧੀ ਪਿੰਡ-ਪਿੰਡ ਜਾ ਕੇ ਜਾਗਰੂਕ ਕਰੇਗੀ। ਜਾਖੜ ਨੇ ਅੱਗੇ ਕਿਹਾ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਛੋਟੇ ਬੱਚਿਆਂ ਨੂੰ ਰੱਖਣ ਵਾਲਾ ਸਿਸਟਮ ਫੇਲ੍ਹ ਹੋ ਚੁੱਕਿਆ ਹੈ। ਪਰਾਲੀ ਨੂੰ ਲੈ ਕੇ ਸੁਨੀਲ ਜਾਖੜ ਨੇ ਕਿਹਾ ਕਿ ਐਮਐਸਪੀ ਬੰਦ ਕਰਨਾ ਸਮੱਸਿਆ ਦਾ ਹੱਲ ਨਹੀਂ ਹੈ।