ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ

ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ ਉੱਤੇ ਇੱਕ ਪਾਸੇ ਸ਼ੁਰੂ ਕੀਤਾ ਗਿਆ, ਜਿਸ ਵਿੱਚ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਿਲ ਹੋਏ। ਸਟੇਜ ਦੇ ਅਗਲੇ ਅਤੇ ਪਿਛਲੇ ਪਾਸੇ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਤੇ ਹੋਰ ਵਹੀਕਲ ਬਹੁਤ ਦੂਰ ਦੂਰ ਤੱਕ ਖੜ੍ਹੇ ਸਨ ਅਤੇ ਥਾਂ ਥਾਂ ਲੰਗਰ ਪਕਾਏ ਵਰਤਾਏ ਜਾ ਰਹੇ ਸਨ। ਪੰਡਾਲ ਵਿੱਚ ਮੰਗਾਂ ਦੇ ਬੈਨਰਾਂ ਤੋਂ ਇਲਾਵਾ ਸਟੇਜ ਦੇ ਇੱਕ ਪਾਸੇ ਨਰਿੰਦਰ ਮੋਦੀ ਅਤੇ ਸੰਸਾਰ ਵਪਾਰ ਜਥੇਬੰਦੀ ਦੇ ਪੁਤਲੇ ਬਣਾ ਕੇ ਰੱਖੇ ਗਏ ਹਨ ਜਿਨ੍ਹਾਂ ਨੂੰ ਮੋਰਚੇ ਦੀ ਸਮਾਪਤੀ ਵਾਲੇ ਦਿਨ ਫੂਕਿਆ ਜਾਵੇਗਾ। ਇਸ ਮੌਕੇ ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਇਹ ਮੋਰਚਾ ਸ੍ਰੀ ਮਾਨ ਵੱਲੋਂ 7 ਅਕਤੂਬਰ ਨੂੰ ਜਥੇਬੰਦੀ ਦੇ ਆਗੂਆਂ ਨਾਲ ਹੋਈ ਮੀਟਿੰਗ ਦੌਰਾਨ ਮੰਨੀਆਂ ਗਈਆਂ ਮੰਗਾਂ ਲਾਗੂ ਕਰਵਾਉਣ ਤੱਕ ਦਿਨ ਰਾਤ ਜਾਰੀ ਰਹੇਗਾ। ਇਨ੍ਹਾਂ ਮੰਗਾਂ ਵਿੱਚ ਬੀਤੇ ਵਰ੍ਹੇ ਜਾਂ ਐਤਕੀਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ ਜਾਂ ਗੜੇਮਾਰੀ/ਭਾਰੀ ਮੀਂਹਾਂ ਨਾਲ ਕਈ ਜ਼ਿਲ੍ਹਿਆਂ 'ਚ ਤਬਾਹ ਹੋਏ ਨਰਮੇ ਤੇ ਹੋਰ ਫ਼ਸਲਾਂ ਸਮੇਤ ਨੁਕਸਾਨੇ ਗਏ ਮਕਾਨਾਂ ਦਾ ਪੂਰਾ ਪੂਰਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਚ ਤੁਰੰਤ ਵੰਡਿਆ ਜਾਵੇ। ਐਤਕੀਂ ਵਾਇਰਲ ਰੋਗ ਨਾਲ ਪੂਰੀ ਤਰਾਂ ਬਰਬਾਦ ਹੋਈ ਗੁਆਰੀ, ਮੂੰਗੀ ਤੇ ਝੋਨੇ ਦੀ ਫ਼ਸਲ ਦੀ ਵੀ ਵਿਸ਼ੇਸ਼ ਗਰਦੌਰੀ ਤੁਰੰਤ ਕਰਵਾ ਕੇ ਔਸਤ ਝਾੜ ਦੇ ਬਰਾਬਰ ਪੂਰਾ ਮੁਆਵਜ਼ਾ ਦਿੱਤਾ ਜਾਵੇ। ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲ਼ੀ ਸੰਸਾਰ ਬੈਂਕ ਦੀ ਜਲ ਨੀਤੀ ਰੱਦ ਕੀਤੀ ਜਾਵੇ ਅਤੇ ਦੌਧਰ ਵਰਗੇ ਨਿੱਜੀ ਜਲ ਸੋਧ ਪ੍ਰਾਜੈਕਟ ਰੱਦ ਕਰ ਕੇ ਸਰਕਾਰੀ ਜਲ ਸਪਲਾਈ ਸਕੀਮ ਪਹਿਲਾਂ ਵਾਂਗ ਜਾਰੀ ਰੱਖਣ ਵਾਸਤੇ ਬਜਟ ਜੁਟਾਇਆ ਜਾਵੇ। ਜ਼ੀਰਾ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਹੋਈ ਸ਼ਰਾਬ ਫੈਕਟਰੀ ਨੂੰ ਤੁਰੰਤ ਬੰਦ ਕੀਤਾ ਜਾਵੇ। ਲੁਧਿਆਣਾ ਦੀਆਂ ਫੈਕਟਰੀਆਂ ਅਤੇ ਮਿਉਂਸਪਲ ਕਾਰਪੋਰੇਸ਼ਨ ਦੁਆਰਾ ਬੁੱਢੇ ਨਾਲੇ ਦੇ ਪਾਣੀ ਦਾ ਪ੍ਰਦੂਸ਼ਣ ਅਤੇ ਟਰਾਈਡੈਂਟ ਫੈਕਟਰੀ ਦੁਆਰਾ ਸੇਮ ਨਾਲੇ ਅਤੇ ਧਰਤੀ ਹੇਠਲੇ ਪਾਣੀ ਦਾ ਪ੍ਰਦੂਸ਼ਣ ਤੁਰੰਤ ਰੋਕਿਆ ਜਾਵੇ। ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜ਼ਾ ਜਾਰੀ ਕਰਕੇ ਜ਼ਮੀਨਾਂ ਉੱਤੇ ਕਾਰਪੋਰੇਟ ਕਬਜ਼ੇ ਕਰਵਾਉਣ ਲਈ ਵਾਰ-ਵਾਰ ਪੁਲਿਸ ਤਾਕਤ ਦੀ ਵਰਤੋਂ ਬੰਦ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਇਲਾਕੇ ਦਾ ਪੂਰਾ ਮਾਰਕੀਟ ਰੇਟ ਜਮ੍ਹਾਂ 30% ਉਜਾੜਾ ਭੱਤਾ ਅਤੇ ਖੇਤ ਮਜ਼ਦੂਰਾਂ ਨੂੰ ਰੁਜ਼ਗਾਰ ਉਜਾੜਾ ਭੱਤਾ ਵੀ ਤੁਰੰਤ ਦਿੱਤਾ ਜਾਵੇ। ਆਪਣੀ ਜ਼ਮੀਨ ਨੂੰ ਪੱਧਰ/ਨੀਂਵੀਂ ਕਰਨ ਦਾ ਹੱਕ ਖੋਹਣ ਵਾਲਾ ਮਾਈਨਿੰਗ ਕਾਨੂੰਨ ਰੱਦ ਕੀਤਾ ਜਾਵੇ। ਐਮ. ਐੱਸ. ਪੀ. 'ਤੇ ਝੋਨੇ ਦੀ ਖਰੀਦ ਉੱਤੇ ਔਸਤ ਝਾੜ ਅਤੇ ਗਰਦੌਰੀ 'ਚ ਕਾਸ਼ਤ ਹੇਠਲੇ ਰਕਬੇ ਸਮੇਤ ਨਮੀ ਵਾਲੀਆਂ ਕਿਸਾਨ ਵਿਰੋਧੀ ਸ਼ਰਤਾਂ ਰੱਦ ਕਰਕੇ ਪਹਿਲਾਂ ਵਾਂਗ ਨਿਰਵਿਘਨ ਖਰੀਦ ਜਾਰੀ ਰੱਖੀ ਜਾਵੇ। ਬਿਨਾਂ ਸਾੜੇ ਤੋਂ ਪਰਾਲੀ ਸਾਂਭਣ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਜਾਂ ਫਿਰ ਮਜਬੂਰੀ-ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕੀਤੀ ਜਾਵੇ। ਅੱਗੇ ਤੋਂ ਇਸ ਪ੍ਰਦੂਸ਼ਣ ਦੇ ਮੁਕੰਮਲ ਖਾਤਮੇ ਲਈ ਝੋਨੇ ਦੀ ਬਿਜਾਈ ਪੂਰੀ ਤਰ੍ਹਾਂ ਬੰਦ ਕਰਨ ਲਈ ਇਸ ਦੀ ਥਾਂ ਬਦਲਵੀਆਂ ਫਸਲਾਂ ਮੱਕੀ, ਮੂੰਗੀ,ਗੁਆਰੀ, ਬਾਸਮਤੀ ਆਦਿ ਦਾ ਐੱਮ.ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਲਾਭਕਾਰੀ ਮਿਥ ਕੇ ਇਹਦੇ ਮੁਤਾਬਕ ਬਿਨਾਂ ਸ਼ਰਤ ਖਰੀਦ ਦੀ ਕਾਨੂੰਨੀ ਗਾਰੰਟੀ ਕੀਤੀ ਜਾਵੇ। ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਮਾਰਕੀਟ ਰੇਟ ਮੁਤਾਬਕ ਪੂਰਾ ਦਿੱਤਾ ਜਾਵੇ। ਸੰਸਾਰ ਬੈਂਕ ਦੀ ਹਦਾਇਤ ਮੁਤਾਬਿਕ ਕੇਂਦਰ ਵੱਲੋਂ ਮੜ੍ਹੀ ਗਈ। ਜ਼ਮੀਨੀ-ਬੈਂਕ ਨੀਤੀ ਰੱਦ ਕਰਦਿਆਂ ਪੰਚਾਇਤੀ ਸ਼ਾਮਲਾਟ ਜੁਮਲਾ ਮਾਲਕਾਨ ਸਰਕਾਰੀ ਜ਼ਮੀਨਾਂ ਉੱਤੇ ਖੇਤੀ ਜਾਂ ਰਿਹਾਇਸ਼ ਕਰ ਰਹੇ ਬੇਜ਼ਮੀਨੇ ਥੁੜਜਮੀਨੇ ਕਿਸਾਨਾਂ ਮਜ਼ਦੂਰਾਂ ਨੂੰ ਇਸ ਦੇ ਮਾਲਕੀ ਹੱਕ ਦਿੱਤੇ ਜਾਣ। ਲੋਕਾਂ ਦੇ ਹੱਕੀ ਜਮਹੂਰੀ ਅੰਦੋਲਨਾਂ ਦੌਰਾਨ ਪੁਲਿਸ ਜਬਰ ਬੰਦ ਕੀਤਾ ਜਾਵੇ ਅਤੇ ਪਿਛਲੀਆਂ ਸਰਕਾਰਾਂ ਸਮੇਤ ਹੁਣ ਮਜ਼ਦੂਰਾਂ ਕਿਸਾਨਾਂ 'ਤੇ ਦਰਜ ਕੀਤੇ ਮਕੱਦਮੇ ਪਰਾਲੀ ਕੇਸਾਂ ਸਮੇਤ ਵਾਪਿਸ ਲੈਣ ਦੀ ਮੰਨੀ ਹੋਈ ਮੰਗ ਤੁਰੰਤ ਲਾਗੂ ਕੀਤੀ ਜਾਵੇ। ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਵੱਲੋਂ ਮਾਈਨਿੰਗ ਕਾਨੂੰਨ ਬਾਰੇ ਕਿਸਾਨਾਂ ਦੀ ਉਕਤ ਮੰਨੀ ਹੋਈ ਮੰਗ ਲਾਗੂ ਕਰਨ ਦੀ ਬਜਾਏ ਪਟਿਆਲਾ ਜ਼ਿਲ੍ਹੇ ਦੇ ਪਿੰਡ ਵਿੱਚ ਕੱਲ੍ਹ 8 ਅਕਤੂਬਰ ਨੂੰ ਮੁੜ ਕਿਸਾਨਾਂ ਨੂੰ ਆਪਣੀ ਜ਼ਮੀਨ ਪੱਧਰ ਕਰਨ ਲਈ ਚੁੱਕੀ ਜਾ ਰਹੀ ਮਿੱਟੀ ਤੋਂ ਜ਼ਬਰਦਸਤੀ ਰੋਕਣ ਤੇ ਮੁਕੱਦਮੇ ਦਰਜ ਕਰਨ ਦਾ ਯਤਨ ਕੀਤਾ ਗਿਆ, ਜਿਹੜਾ ਕਿਸਾਨਾਂ ਨੂੰ ਖੜ੍ਹੇ ਪੈਰ ਸੰਘਰਸ਼ ਦੇ ਜ਼ੋਰ ਨਾਕਾਮ ਕਰਨਾ ਪਿਆ। ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਸੰਬੰਧਤ ਮੰਗਾਂ ਵਿੱਚ ਲਖੀਮਪੁਰ ਖੀਰੀ ਕਤਲਕਾਂਡ ਦੇ ਸਾਜਿਸ਼ਕਰਤਾ ਦੋਸ਼ੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਖਾਰਜ ਕਰ ਕੇ ਜੇਲ੍ਹ ਭੇਜਿਆ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਜੇਲ੍ਹੀਂ ਡੱਕੇ 4 ਬੇਗੁਨਾਹ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਪੰਜ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ 1-1 ਪੱਕੀ ਸਰਕਾਰੀ ਨੌਕਰੀ ਅਤੇ ਜ਼ਖ਼ਮੀਆਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। 23 ਫ਼ਸਲਾਂ ਦੇ ਲਾਭਕਾਰੀ ਐੱਮ. ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਮਿਥੇ ਜਾਣ ਅਤੇ ਇਨ੍ਹਾਂ ਰੇਟਾਂ 'ਤੇ ਪੂਰੀ ਖਰੀਦ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ। ਬਿਜਲੀ ਬਿੱਲ 2021 ਵਾਪਸ ਲਿਆ ਜਾਵੇ ਅਤੇ ਬਿਜਲੀ ਵੰਡ ਖੇਤਰ ਨਿੱਜੀ ਕਾਰਪੋਰੇਟਾਂ ਹਵਾਲੇ ਕਰਨ ਦਾ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ। ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ 1-1 ਜੀਅ ਨੂੰ ਪੱਕੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਕਿਸਾਨਾਂ ਸਿਰ ਮੜ੍ਹੇ ਗਏ ਸਾਰੇ ਪੁਲਿਸ ਕੇਸ ਵਾਪਸ ਲਏ ਜਾਣ। ਭਾਖੜਾ ਪਣ-ਬਿਜਲੀ ਪ੍ਰਾਜੈਕਟ ਦੇ ਪ੍ਰਬੰਧਕੀ ਬੋਰਡ ਦਾ ਕੰਟਰੋਲ ਕੇਂਦਰ ਦੇ ਹੱਥਾਂ ਵਿੱਚ ਲੈਣ ਦਾ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ ਅਤੇ ਪਹਿਲਾਂ ਵਾਂਗ ਪੰਜਾਬ ਹਰਿਆਣੇ ਦੇ ਸਾਂਝੇ ਕੰਟਰੋਲ ਹੇਠ ਲਿਆਂਦਾ ਜਾਵੇ। ਸੰਸਾਰ ਬੈਂਕ ਦੇ ਆਦੇਸ਼ਾਂ ਤਹਿਤ ਪੰਚਾਇਤੀ ਸ਼ਾਮਲਾਟ ਜੁਮਲਾ ਮਾਲਕਾਨ ਜ਼ਮੀਨਾਂ ਨਿੱਜੀ ਕੰਪਨੀਆਂ ਹਵਾਲੇ ਕਰਨ ਵੱਲ ਸੇਧਤ ਜ਼ਮੀਨ-ਬੈਂਕ ਸਥਾਪਤ ਕਰਨ ਦਾ ਫੈਸਲਾ ਰੱਦ ਕੀਤਾ ਜਾਵੇ। ਔਰਤ ਆਗੂ ਹਰਿੰਦਰ ਕੌਰ ਬਿੰਦੂ ਨੇ ਵਿਆਖਿਆ ਕੀਤੀ ਕਿ ਇਨ੍ਹਾਂ ਭਖਦੇ ਮਸਲਿਆਂ ਦਾ ਸਿੱਧਾ ਮਾਰੂ ਅਸਰ ਔਰਤਾਂ ਉੱਪਰ ਕਿਵੇਂ ਕਿਵੇਂ ਪੈਂਦਾ ਹੈ। ਸਟੇਜ ਸਕੱਤਰ ਦੀ ਭੂਮਿਕਾ ਸ਼ਿੰਗਾਰਾ ਸਿੰਘ ਮਾਨ ਨੇ ਨਿਭਾਈ ਅਤੇ ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾਂ ਅਤੇ ਜਗਤਾਰ ਸਿੰਘ ਕਾਲਾਝਾੜ ਸੂਬਾ ਆਗੂਆਂ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ/ਬਲਾਕਾਂ ਦੇ ਆਗੂ ਹਾਜ਼ਰ ਸਨ।