ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੈਪਟਨ ਨੇ ਕੀਤਾ ਧੰਨਵਾਦ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਇੱਕ ਬਿਆਨ ਵਿੱਚ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਸੀ, ਜਿਸ ਨੇ 2017 ਵਿੱਚ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਸ ਮਾਮਲੇ ਦੀ ਕੇਂਦਰ ਕੋਲ ਪੈਰਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਚਿਰੋਕਣੀ ਮੰਗ ਸੀ ਕਿ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇ, ਜੋ ਦੇਸ਼ ਲਈ ਬਹਾਦਰੀ, ਦਲੇਰੀ ਅਤੇ ਕੁਰਬਾਨੀ ਦਾ ਲਾਮਿਸਾਲ ਪ੍ਰਤੀਕ ਹਨ। ਸਾਬਕਾ ਮੁੱਖ ਮੰਤਰੀ ਨੇ ਟਿੱਪਣੀ ਕੀਤੀ, “ਭਗਤ ਸਿੰਘ ਦੇਸ਼ ਦੇ ਲੱਖਾਂ ਨੌਜਵਾਨਾਂ ਲਈ ਇੱਕ ਪ੍ਰੇਰਨਾ ਸਰੋਤ ਹਨ ਅਤੇ ਇਹ ਉਨ੍ਹਾਂ ਦੀ ਮਹਾਨ ਅਤੇ ਸ਼ਾਨਦਾਰ ਯਾਦ ਨੂੰ ਇੱਕ ਢੁਕਵੀਂ ਸ਼ਰਧਾਂਜਲੀ ਹੋਵੇਗੀ”।