ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਿੱਤੀ ਸਹਾਇਤਾ ਦੇਵੇ : ਮੀਤ ਹੇਅਰ

ਚੰਡੀਗੜ੍ਹ: ਪਰਾਲੀ ਨੂੰ ਸਾੜਨ ਹੋਣ ਵਾਲਾ ਪ੍ਰਦੂਸ਼ਣ ਇਕੱਲੇ ਇਕ ਸੂਬੇ ਦੀ ਸਮੱਸਿਆ ਨਹੀਂ ਹੈ, ਸਗੋਂ ਇਹ ਪੂਰੇ ਮੁਲਕ ਦੀ ਸਮੱਸਿਆ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਨਿਰੰਤਰ ਕਦਮ ਚੁੱਕ ਰਹੀ ਹੈ ਪਰ ਇਸ ਮੁਹਿੰਮ ਨੂੰ ਤਾਂ ਹੀ ਵੱਡਾ ਹੁਲਾਰਾ ਮਿਲ ਸਕਦਾ ਹੈ ਜੇ ਕੇਂਦਰ ਸਰਕਾਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਏ। ਇਹ ਗੱਲ ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕੇਂਦਰੀ ਵਾਤਾਵਰਣ, ਜੰਗਲਾਤ ਤੇ ਵਾਤਾਵਰਣ ਤਬਦੀਲੀ ਮੰਤਰਾਲੇ ਵੱਲੋਂ ਸੂਬਿਆਂ ਦੇ ਵਾਤਾਵਰਣ ਮੰਤਰੀਆਂ ਦੀ ਰੱਖੀ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਦੌਰਾਨ ਕਹੀ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-2 ਦੇ ਕਮੇਟੀ ਰੂਮ ਵਿਖੇ ਵੀ.ਸੀ. ਰਾਹੀਂ ਮੀਟਿੰਗ ਵਿੱਚ ਸ਼ਾਮਲ ਹੁੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਬਿਜਾਈ ਮੌਕੇ ਕੇਂਦਰ ਸਰਕਾਰ ਅੱਗੇ ਪਰਾਲੀ ਪ੍ਰਬੰਧਨ ਵਾਸਤੇ ਵਿੱਤੀ ਸਹਾਇਤਾ ਦੇਣ ਦੀ ਮੰਗ ਰੱਖੀ ਗਈ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਵਾਸਤੇ 90 ਹਜ਼ਾਰ ਤੋਂ ਵੱਧ ਮਸ਼ੀਨਾਂ ਵੱਡੀ ਸਬਸਿਡੀ ਉਤੇ ਮੁਹੱਈਆ ਕਰਵਾਈਆਂ ਗਈਆਂ ਹਨ। 32 ਹਜ਼ਾਰ ਤੋਂ ਵੱਧ ਹੋਰ ਮਸ਼ੀਨਾਂ ਕਿਸਾਨਾਂ ਨੂੰ ਦੇਣ ਦਾ ਟੀਚਾ ਮਿੱਥਿਆ ਹੈ। ਇਸ ਤੋਂ ਇਲਾਵਾ ਪਰਾਲੀ ਨੂੰ ਬਾਲਣ ਵਜੋਂ ਇਸਤੇਮਾਲ ਕਰਨ ਲਈ ਬਿਜਲੀ, ਬਾਇਓਗੈਸ ਆਦਿ ਪਲਾਂਟ ਸਥਾਪਤ ਕਰਨ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇੱਟਾਂ ਦੇ ਭੱਠਿਆਂ ਲਈ 20 ਫੀਸਦੀ ਬਾਲਣ ਵਜੋਂ ਪਰਾਲੀ ਦੀ ਵਰਤੋਂ ਲਾਜ਼ਮੀ ਕੀਤੀ ਜਾ ਰਹੀ ਹੈ। ਵਾਤਾਵਰਣ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਦੀ ਸਮੱਸਿਆ ਦੀ ਰੋਕਥਾਮ ਲਈ ਲੋਕਾਂ ਦੀ ਹਿੱਸੇਦਾਰੀ ਵੀ ਬਹੁਤ ਜ਼ਰੂਰੀ ਹੈ ਜਿਸ ਲਈ ਕਾਲਜਾਂ-ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਰਾਹੀਂ ਜਾਗਰੂਕਤਾ ਮੁਹਿੰਮ ਵੀ ਵਿੱਢੀ ਗਈ ਹੈ। ਉਨਾਂ ਕਿਹਾ ਕਿ ਖੇਤੀਬਾੜੀ ਮੰਤਰੀ ਵੱਲੋਂ ਵੀ ਨਿਰੰਤਰ ਕੋਸ਼ਿਸ਼ਾਂ ਜਾਰੀ ਹਨ। ਉਨਾਂ ਕਿਹਾ ਕਿ ਸਰਕਾਰ ਇਸ ਸਮੱਸਿਆ ਨਾਲ ਨਜਿੱਠਣ ਲਈ ਆਰਜ਼ੀ ਤੋਂ ਇਲਾਵਾ ਪੱਕੇ ਪ੍ਰਬੰਧਾਂ ਉਤੇ ਵੀ ਕੰਮ ਕਰ ਰਹੀ ਹੈ।
ਇਸ ਤੋਂ ਪਹਿਲਾਂ ਕੇਂਦਰੀ ਵਾਤਾਵਰਣ, ਜੰਗਲਾਤ ਤੇ ਵਾਤਾਵਰਣ ਤਬਦੀਲੀ ਮੰਤਰੀ ਭੁਪਿੰਦਰ ਯਾਦਵ ਨੇ ਵੀ ਸੰਬੋਧਨ ਕੀਤਾ।