ਕਾਂਗਰਸ ਨੇ ਖਟਕੜ ਕਲਾਂ ਵਿੱਚ ਸਰਾਰੀ ਦੀ ਬਰਖਾਸਤਗੀ ਮੰਗ ਨੂੰ ਲੈ ਕੇ ਧਰਨਾ ਦਿੱਤਾ

ਖਟਕੜ ਕਲਾਂ  : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ ਦੇ ਸਾਹਮਣੇ ਧਰਨਾ ਦਿੰਦੇ ਹੋਏ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਘਿਰੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਰਾਰੀ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਪਾਰਟੀ ਸੂਬੇ ਭਰ ਵਿੱਚ ਆਪਣਾ ਅੰਦੋਲਨ ਕਰਨ ਲਈ ਮਜਬੂਰ ਹੋਵੇਗੀ।  ਅੱਜ ਦਾ ਧਰਨਾ ਸਰਕਾਰ ਨੂੰ ਅਲਟੀਮੇਟਮ ਦੇਣ ਦਾ ਇੱਕ ਨਮੂਨਾ ਹੈ, ਜੋ ਦੋਹਰੇ ਮਾਪਦੰਡ ਨਹੀਂ ਰੱਖ ਸਕਦੀ।  ਉਨ੍ਹਾਂ ਕਿਹਾ ਕਿ ਇੱਕ ਪਾਸੇ ਕਾਂਗਰਸੀ ਆਗੂਆਂ ਨੂੰ ਬਿਨਾਂ ਕਿਸੇ ਸਬੂਤ ਦੇ ਨਾਮਜ਼ਦ ਕਰਕੇ ਜੇਲ੍ਹ ਭੇਜਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਮੰਤਰੀ ਭ੍ਰਿਸ਼ਟਾਚਾਰ ਦੇ ਖੁੱਲ੍ਹੇ ਮਾਮਲੇ ਵਿੱਚ ਅਜਾਦ ਘੁੰਮ ਰਹੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਵੱਲੋਂ ਜ਼ਮੀਨੀ ਪੱਧਰ 'ਤੇ ਕਾਂਗਰਸੀ ਵਰਕਰਾਂ ਨੂੰ ਧਮਕੀਆਂ ਦੇਣ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਖਿਲਾਫ 1 ਨਵੰਬਰ ਨੂੰ ਮੋਹਾਲੀ ਵਿਖੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੀ 'ਠੱਕਾਸ਼ਾਹੀ' ਖ਼ਿਲਾਫ ਮਜ਼ਬੂਤ ਹੋਣ, ਇੱਕਜੁੱਟ ਹੋਣ ਤੇ ਡੱਟੇ ਰਹਿਣ। ਉਨ੍ਹਾਂ ਕਿਹਾ ਕਿ ਇੱਥੇ ਕੁਝ ਵੀ ਸਦਾ ਲਈ ਨਹੀਂ ਰਹਿੰਦਾ ਅਤੇ ਇਹ ਸਿਰਫ ਸਮੇਂ ਦੀ ਗੱਲ ਹੈ ਅਤੇ ਭਰੋਸਾ ਪ੍ਰਗਟਾਇਆ ਕਿ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਵਾਪਸ ਆਵੇਗੀ। ਇਸ ਮੌਕੇ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਾਰੀ ਸਬੰਧੀ ਭਗਵੰਤ ਮਾਨ ਦੇ ਦੋਹਰੇ ਮਾਪਦੰਡਾਂ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਉਹ ਜਾਣਬੁੱਝ ਕੇ ਮੰਤਰੀ ਨੂੰ ਬਚਾ ਰਹੇ ਹਨ।  ਉਨ੍ਹਾਂ ਕਿਹਾ ਕਿ ਸਰਾਰੀ ਦੇ ਘਟਨਾਕ੍ਰਮ ਨੇ ਮਾਨ ਦਾ ਪਰਦਾਫਾਸ਼ ਕਰ ਦਿੱਤਾ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਕਾਂਗਰਸ ਪਾਰਟੀ ਉਦੋਂ ਤੱਕ ਅਰਾਮ ਨਾਲ ਨਹੀਂ ਬੈਠੇਗੀ ਜਦੋਂ ਤੱਕ ਮੰਤਰੀ ਨੂੰ ਨਹੀਂ ਹਟਾਇਆ ਜਾਂਦਾ।