ਅਧਿਕਾਰਾਂ ਦੀ ਆੜ ਵਿਚ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ : ਮੁੱਖ ਮੰਤਰੀ ਮਾਨ

ਚੰਡੀਗੜ੍ਹ : ਸੂਬੇ ਵਿਚ ਪ੍ਰਦਰਸ਼ਨਕਾਰੀ ਜਥੇਬੰਦੀਆਂ ਨੂੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਮੌਕੇ ਆਮ ਲੋਕਾਂ ਲਈ ਕਿਸੇ ਤਰ੍ਹਾਂ ਦੀ ਮੁਸੀਬਤ ਖੜ੍ਹੀ ਨਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰਾਂ ਦੀ ਆੜ ਵਿਚ ਆਮ ਲੋਕਾਂ ਨੂੰ ਖੱਜਲ-ਖੁਆਰ ਨਹੀਂ ਕੀਤਾ ਜਾਣਾ ਚਾਹੀਦਾ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੂਬੇ ਵਿਚ ਵੱਖ-ਵੱਖ ਥਾਵਾਂ ਉਤੇ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਹੋ ਰਹੀ ਖੱਜਲ-ਖੁਆਰੀ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਭਾਵੇਂ ਪ੍ਰਦਰਸ਼ਨ ਕਰਨਾ ਹਰੇਕ ਨਾਗਰਿਕ ਦਾ ਜਮਹੂਰੀ ਅਧਿਕਾਰ ਹੈ ਪਰ ਇਨ੍ਹਾਂ ਯੂਨੀਅਨਾਂ ਨੂੰ ਆਮ ਲੋਕਾਂ ਖਾਸ ਕਰਕੇ ਬਿਮਾਰ ਲੋਕਾਂ ਦੀ ਦੁੱਖ-ਤਕਲੀਫ ਦਾ ਵੀ ਅਹਿਸਾਸ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸੂਬੇ ਵਿਚ ਕੁਝ ਕੁ ਜਥੇਬੰਦੀਆਂ ਵੱਲੋਂ ਸੜਕਾਂ ਰੋਕਣ ਅਤੇ ਆਮ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਨ ਦਾ ‘ਰਿਵਾਜ’ ਜਿਹਾ ਬਣ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਮਾਜ ਪ੍ਰਤੀ ਇਸ ਗੈਰ-ਸੰਜੀਦਾ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਵਰਗ ਲਈ ਉਨ੍ਹਾਂ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ ਅਤੇ ਇਸੇ ਸੰਦਰਭ ਵਿਚ ਉਨ੍ਹਾਂ ਨੇ ਕਿਸਾਨਾਂ ਨਾਲ ਵੀ ਵਿਸਥਾਰਤ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਵੀ ਕੀਤੀਆਂ। ਪਰ ਇਸ ਦੇ ਬਾਵਜੂਦ ਕੁਝ ਜਥੇਬੰਦੀਆਂ ਆਪਣੇ ਹੱਕ ਦੇ ਨਾਮ ਹੇਠ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰ ਰਹੀਆਂ ਹਨ ਜੋ ਪੂਰੀ ਤਰ੍ਹਾਂ ਅਣਉਚਿਤ ਹੈ।