ਡਾ. ਬਲਜੀਤ ਕੌਰ ਨੇ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਸਬੰਧੀ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਮਈ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਦੇ ਸਬੰਧ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸੂਬੇ ਵਿੱਚ ਬਹੁਤ ਸਾਰੇ ਲੋਕਾਂ ਵਲੋਂ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਦਾ ਲਾਭ ਲਿਆ ਜਾ ਰਿਹਾ ਹੈ, ਜੋ ਕਿ ਉੱਚ ਅਹੁੱਦਿਆਂ ਤੇ ਤਾਇਨਾਤ ਹਨ। ਮੰਤਰੀ ਨੇ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵੀ ਸ਼ਿਕਾਇਤਾਂ ਦੀਆਂ ਪੜਤਾਲਾਂ ਮੁਕੰਮਲ ਹੋ ਕੇ ਵਿਜੀਲੈਂਸ ਸੈੱਲ ਕੋਲ ਪ੍ਰਾਪਤ ਹੋ ਚੁੱਕੀਆਂ ਹਨ, ਉਨ੍ਹਾਂ ਦੀ ਹਰ ਹਫਤੇ ਮੀਟਿੰਗ ਕਰਕੇ ਨਿਪਟਾਰਾ ਕੀਤਾ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਸ਼ਿਕਾਇਤਾਂ ਦੀਆਂ ਪੜਤਾਲਾਂ ਜਿਲ੍ਹਾ ਪੱਧਰ ਤੇ ਪੈਂਡਿੰਗ ਹਨ, ਉਨ੍ਹਾਂ ਦੀਆਂ ਪੜਤਾਲ ਰਿਪੋਰਟਾਂ ਤੁਰੰਤ ਭੇਜੀਆ ਜਾਣ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਰਮੇਸ ਕੁਮਾਰ ਗੈਂਟਾ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਵਿੰਦਰ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ, ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਰਾਜ ਬਹਾਦਰ ਸਿੰਘ ਅਤੇ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦੇ ਲਖਵੀਰ ਸਿੰਘ, ਸਰਬਜੀਤ ਸਿੰਘ, ਹਰਨੇਕ ਸਿੰਘ ਸ਼ਾਮਲ ਸਨ।