ਪੰਜਾਬ ਸਰਕਾਰ ਮੀਟਿੰਗ ਦੌਰਾਨ ਐਸ.ਵਾਈ.ਐਲ. ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ: ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸੂਬੇ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਇਸ ਮੁੱਦੇ 'ਤੇ ਪੰਜਾਬ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ।ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ 'ਤੇ ਸੂਬੇ ਦੇ ਅਧਿਕਾਰਾਂ ਦੀ ਸੁਰੱਖਿਆ  ਪੂਰੀ ਤਰ੍ਹਾਂ ਯਕੀਨੀ ਬਣਾਉਣ ਲਈ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਦੇ ਉਲਟ, ਜੋ ਆਮ ਤੌਰ 'ਤੇ ਅਜਿਹੀਆਂ ਮਹੱਤਵਪੂਰਨ ਮੀਟਿੰਗਾਂ ਤੋਂ ਬਚਦੇ ਰਹੇ ਹਨ, ਉਹ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਿਆਰੀ ਤੋਂ ਬਾਅਦ ਹੀ ਮੀਟਿੰਗ ਵਿੱਚ ਜਾਣਗੇ। ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੇ ਅੰਤ ਵਿੱਚ ਹੋਣ ਵਾਲੀ ਇਸ ਮੀਟਿੰਗ ਦੇ ਨਤੀਜਿਆਂ ਬਾਰੇ ਕੋਈ ਸਿੱਟਾ ਕੱਢਣਾ ਜਲਦਬਾਜ਼ੀ ਹੋਵੇਗੀ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਦਰਮਿਆਨ ਕੋਈ ਮੱਤਭੇਦ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿੰਗਾਈ, ਬੇਰੁਜ਼ਗਾਰੀ, ਮਾਫੀਆ ਅਤੇ ਹੋਰ ਬੁਰਾਈਆਂ ਦੇ ਖਿਲਾਫ ਹੈ ਪਰ ਰਾਜਪਾਲ ਨਾਲ ਸੁਖਾਵੇਂ ਸਬੰਧ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਰਾਜਪਾਲ ਚਾਹੁਣ ਤਾਂ ਸੂਬਾ ਸਰਕਾਰ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਤਿੰਨ ਨਾਵਾਂ ਦਾ ਪੈਨਲ ਉਨ੍ਹਾਂ ਕੋਲ ਭੇਜੇਗੀ, ਨਹੀਂ ਤਾਂ ਆਮ ਰਵਾਇਤ ਰਹੀ ਹੈ ਕਿ ਰਾਜਪਾਲ ਸੂਬਾ ਸਰਕਾਰ ਵੱਲੋਂ ਪ੍ਰਸਤਾਵਿਤ ਨਾਮ 'ਤੇ ਸਹਿਮਤੀ ਦਿੰਦੇ ਹਨ।