ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 15 ਜਨਵਰੀ : ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਥਿਤ ਘਪਲਾ ਉਨ੍ਹਾਂ ਦੇ ਜੰਗਲਾਤ ਮੰਤਰੀ ਦੇ ਕਾਰਜਕਾਲ ਦੌਰਾਨ ਸਾਹਮਣੇ ਆਇਆ ਸੀ। ਪੰਜਾਬ ਵਿਜੀਲੈਂਸ ਵੱਲੋਂ ਸ਼ੁਰੂ ਕੀਤੀ ਗਈ ਜਾਂਚ ਹੁਣ ਈਡੀ ਵੱਲੋਂ ਵਿੱਤੀ ਜਾਂਚ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਵਿਜੀਲੈਂਸ ਵੱਲੋਂ 2 ਵਾਰ ਗ੍ਰਿਫਤਾਰ ਕੀਤਾ ਗਿਆ ਸੀ। ਸ਼ੁਰੂਆਤ ਵਿਚ ਉਨ੍ਹਾਂ ਨੇ ਜੰਗਲਾਤ ਘਪਲੇ ਦੇ ਸਿਲਸਿਲੇ ਵਿਚ ਹਿਰਾਸਤ ਵਿਚ ਲਿਆ ਗਿਆ ਸੀ ਤੇ ਜੇਲ੍ਹ ਵਿਚ ਸਮਾਂ ਬਿਤਾਉਣਾ ਪਿਆਸੀ। ਇਸ ਦੇ ਬਾਅਦ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜੇ ਮਾਮਲੇ ਵਿਚ ਇਕ ਹੋਰ ਗ੍ਰਿਫਤਾਰੀ ਦਾ ਸਾਹਮਣਾ ਕਰਨਾ ਪਿਆ ਸੀ। ਦੱਸ ਦੇਈਏ ਕਿ ਵਿਜੀਲੈਂਸ ਦੀ ਜਾਂਚ ‘ਚ ਸਾਹਮਣੇ ਆਇਆ ਸੀ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਜਾਂਚ ਸਮੇਂ ਦੌਰਾਨ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2.37 ਕਰੋੜ ਰੁਪਏ ਸੀ। ਜਦਕਿ ਖਰਚਾ 8.76 ਕਰੋੜ ਰੁਪਏ ਸੀ। ਇਹ ਖਰਚਾ ਆਮਦਨ ਨਾਲੋਂ 6.39 ਕਰੋੜ ਰੁਪਏ ਵੱਧ ਸੀ। ਨਵੰਬਰ 2023 ਵਿਚ ਈਡ ਨੇ ਧਰਮਸੋਤ ਤੋਂ ਇਲਾਵਾ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ‘ਤੇ ਛਾਪਿਆਂ ਮਾਰਿਆ ਸੀ। ਈਡੀ ਧਰਮਸੋਤ ਦੇ ਕਰੀਬੀ ਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਇਕ ਕਰੀਬੀ ਤੇ ਕੁਝ ਅਧਿਕਾਰੀਆਂ ‘ਤੇ ਕਾਰਵਾਈ ਕਰ ਸਕਦੀ ਹੈ।