ਸ਼ਰਾਬ ਪੀਣ ਦੇ ਦੋਸ਼ ‘ਚ ਸਿੱਖਿਆ ਮੰਤਰੀ ਬੈਂਸ ਵੱਲੋਂ ਪ੍ਰਿੰਸੀਪਲ ਮੁਅੱਤਲ, ਸਟਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

ਰੋਪੜ, 08 ਅਗਸਤ : ਰੋਪੜ ਨੇੜਲੇ ਪਿੰਡ ਢੇਰ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਤੌਰ ਪ੍ਰਿੰਸੀਪਲ ਸੇਵਾ ਨਿਭਾਅ ਰਹੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਵੱਲੋਂ ਮੁਅੱਤਲ ਕਰ ਦੇਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪਤਾ ਲੱਗਾ ਸੀ ਕਿ ਉਕਤ ਸਕੂਲ ਦਾ ਪ੍ਰਿੰਸੀਪਲ ਸਕੂਲ ਸਮੇਂ ‘ਚ ਸ਼ਰਾਬ ਦਾ ਸੇਵਨ ਕਰਦਾ ਹੈ ਅਤੇ ਸਕੂਲ ਕੁੜੀਆਂ ਦਾ ਹੈ, ਜਿਸ ਕਾਰਨ ਉਨ੍ਹਾਂ ਨੇ ਸਕੂਲ ‘ਚ ਅਚਾਨਕ ਛਾਪਾ ਮਾਰਿਆ ਅਤੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ ਸ਼ਰਾਬ ਪੀਣ ਦੇ ਕਥਿਤ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮੁਅੱਤਲੀ ਦੌਰਾਨ ਕੁਲਦੀਪ ਸਿੰਘ (ਮੁਅੱਤਲ ਪ੍ਰਿੰਸੀਪਲ) ਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਐਸਈ), ਜਲੰਧਰ ਹੋਵੇਗਾ। ਮੰਤਰੀ ਬੈਂਸ ਨੇ ਕਿਹਾ ਕਿ ਪ੍ਰਿੰਸੀਪਲ ਨੇ ਮੰਨਿਆ ਕਿ ਉਸ ਨੇ ਸ਼ਰਾਬ ਪੀਤੀ ਹੋਈ ਹੈ, ਜਿਸ ਦੇ ਆਧਾਰ ‘ਤੇ ਸਸਪੈਂਡ ਕਰਨ ਦੀ ਕਾਰਵਾਈ ਕੀਤੀ ਗਈ। ਗੁੱਸੇ ਵਿੱਚ ਆਏ ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਵੀ ਕਲਾਸ ਲਾਈ। ਉਨ੍ਹਾਂ ਕਿਹਾ ਕਿ ਸਕੂਲ ਦੇ ਸਟਾਫ ਵਿੱਚ 22 ਲੋਕ ਹਨ ਪਰ ਉਨ੍ਹਾਂ ਨੇ ਕਦੇ ਇਹ ਨਹੀਂ ਦੱਸਿਆ ਕਿ ਪ੍ਰਿੰਸੀਪਲ ਸ਼ਰਾਬ ਪੀ ਕੇ ਆਉਂਦਾ ਹੈ। ਉਨ੍ਹਾੰ ਕਿਹਾ ਕਿ ਕੁੜੀਆਂ ਦਾ ਸਕੂਲ ਹੈ, ਪਰ ਕਿਸੇ ਨੇ ਕੋਈ ਸ਼ਿਕਾਇਤ ਨਹੀਂ ਦਿੱਤੀ। ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸ਼ਿਕਾਇਤ ਦੀ ਜਾਂਚ ਕਰਨ ‘ਤੇ ਸੱਚਾਈ ਸਾਹਮਣੇ ਆਈ। ਉਨ੍ਹਾਂ ਕਿਹਾ ਕਿ ਇਕ ਬੰਦੇ ਦੀ ਗਲਤੀ ਨਾਲ ਸਾਰੇ ਸਕੂਲਾਂ ਦਾ ਭਰੋਸਾ ਟੁੱਟ ਜਾਵੇਗਾ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਉਕਤ ਸਕੂਲ ਨੂੰ 1 ਕਰੋੜ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਹੋਰ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।