ਸੂਬੇ ਵਿਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਜਾਰੀ : ਮੁੱਖ ਮੰਤਰੀ ਮਾਨ 

  •  ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿਚ ਪਹੁੰਚਿਆ ਨਹਿਰੀ ਪਾਣੀ
  • ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਰੋਕਣ ਲਈ ਨਹਿਰੀ ਪਾਣੀ ਦੀ ਢੁਕਵੀਂ ਵਰਤੋਂ ਕਰਨ ਦਾ ਸੱਦਾ

ਚੰਡੀਗੜ੍ਹ, 22 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਟੇਲਾਂ ਉਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਕਾਰਜ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਫਾਜ਼ਿਲਕਾ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਪਹਿਲਾਂ ਹੀ ਪਾਣੀ ਪਹੁੰਚਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਨਾਲ ਇਕ ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਮਿੱਥੇ ਸਮੇਂ ਉਤੇ ਉਨ੍ਹਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਕੇ ਇਹ ਵਾਅਦਾ ਇਸ ਵਾਰ ਪੂਰਾ ਕੀਤਾ ਗਿਆ। ਤੇਜ਼ੀ ਨਾਲ ਪਾਣੀ ਦਾ ਪੱਧਰ ਡਿੱਗਣ ਕਾਰਨ ਪੈਦਾ ਹੋ ਰਹੀ ਗੰਭੀਰ ਸਥਿਤੀ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਤੀ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ (ਖਤਰੇ ਦੀ ਸਥਿਤੀ ਵਿਚ) ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਖੇਤਾਂ ਲਈ ਸੰਕੋਚ ਕੀਤੇ ਬਿਨਾਂ ਪਾਣੀ ਕੱਢਣ ਕਾਰਨ ਅਜਿਹਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਤੁਰੰਤ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੇ ਸੰਕਟ ਨਾਲ ਨਾ ਜੂਝਣਾ ਪਵੇ। ਉਨ੍ਹਾਂ ਕਿਹਾ ਕਿ ਇਸ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ 'ਤੇ ਬੋਝ ਘਟਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਸਤੇ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦੀ ਸਿਰਫ਼ 33 ਫੀਸਦੀ ਤੋਂ 34 ਫੀਸਦੀ ਵਰਤੋਂ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਇਜ਼ਾਫਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਦਿੱਤਾ ਜਾਵੇ ਤਾਂ ਕੁੱਲ 14 ਲੱਖ ਵਿੱਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ ਜਿਸ ਨਾਲ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ।