ਸ਼ੋਸ਼ਲ ਮੀਡੀਆ ਤੇ ਅਫਵਾਹਾਂ ਫੈਲਾ ਕੇ ਸੂਬੇ ਦਾ ਮਾਹੌਲ ਨਾ ਕੀਤਾ ਜਾਵੇ ਖਰਾਬ : ਡੀਜੀਪੀ ਯਾਦਵ

ਚੰਡੀਗੜ੍ਹ : ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਗਰੋਂ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕੀਤੀ। ਡੀਜੀਪੀ ਨੇ ਕਿਹਾ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਅੰਮ੍ਰਿਤਸਰ ਵਿੱਚ ਇੱਕ ਬੰਦੇ ਨੇ ਗੋਲੀ ਮਾਰ ਦਿੱਤੀ। ਨੇਤਾ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਮ ਤੋੜ ਦਿੱਤਾ। ਉਹਨਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਦੋਸ਼ੀ ਪੁਲਿਸ ਦੀ ਹਿਰਾਸਤ ਵਿੱਚ ਹੈ। ਉਸ ਦੇ ਖਿਲਾਫ ਧਾਰਾ 302 (ਕਤਲ)) ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਮੁਲਜ਼ਮ ਦਾ ਨਾਂ ਸੰਦੀਪ ਸਿੰਘ ਸੰਨੀ ਹੈ। ਉਸ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਤੋਂ ਪੁੱਛਗਿੱਛ ਜਾਰੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਸਥਿਤੀ ਇਸ ਸਮੇਂ ਪੂਰੀ ਤਰ੍ਹਾਂ ਕਾਬੂ ਵਿੱਚ ਹੈ। ਦੂਜੇ ਪਾਸੇ ਡੀਜੀਪੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਅਫਵਾਹ ਨਾ ਫੈਲਾਉਣ ਤੇ ਪੰਜਾਬ ਦਾ ਮਾਹੌਲ ਖਰਾਬ ਨਾ ਕਰਨ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਦਾ ਬਿਆਨ ਡੀਜੀਪੀ ਸਾਹਮਣੇ ਆਇਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 3:30-4 ਵਜੇ ਕੰਟਰੋਲ ਰੂਮ ਤੋਂ ਫ਼ੋਨ ਆਇਆ ਸੀ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਮੌਕੇ ਤੋਂ ਪੁਲਿਸ ਮੁਲਾਜ਼ਮ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਅਸਲਾ ਬਰਾਮਦ ਕਰ ਲਿਆ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਹ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਮਾਹੌਲ ਵਿਗੜਦਾ ਦੇਖ ਕੇ ਪੁਲਿਸ ਨੇ ਤੁਰੰਤ ਹਮਲਾਵਰ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ। ਉਸ ਦੀ ਇੱਕ ਤਸਵੀਰ ਸਾਹਮਣੇ ਆਈ ਹੈ। ਅਜਿਹੀਆਂ ਰਿਪੋਰਟਾਂ ਹਨ ਕਿ ਹਮਲਾਵਰ ਨੂੰ ਵਿਦੇਸ਼ੀ ਕੱਟੜਪੰਥੀ ਤੱਤਾਂ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਸੀ। ਰਿਪੋਰਟਾਂ ਮੁਤਾਬਕ ਸੂਰੀ ਨੂੰ ਮਾਰਨ ਲਈ ਆਈ.ਐਸ.ਆਈ. ਸਾਜਿਸ਼ ਰਚ ਰਿਹਾ ਸੀ। ਇਸ ਦੇ ਨਾਲ ਹੀ ਇਕ ਖਾਲਿਸਤਾਨੀ ਗਰੁੱਪ ਦਾ ਨਾਂ ਵੀ ਸਾਹਮਣੇ ਆਇਆ ਹੈ।