ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮੰਨ ਦੀ ਅਗਵਾਈ ਵਿੱਚ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ। ਅੱਜ ਇਥੋਂ ਜਾਰੀ ਬਿਆਨ ਵਿਚ ਖੇਤੀਬਾੜੀ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 07 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ। ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਓ।