ਸਰਕਾਰ ਵੱਲੋਂ ਦੁਕਾਨਾਂ ਅੱਗੇ ਲੱਗੇ ਬੋਰਡ ਪੰਜਾਬੀ ਵਿੱਚ ਲਿਖਣ ਦੇ ਆਦੇਸ਼, ਪੰਜਾਬੀ ਵਿੱਚ ਬੋਰਡ ਨਾ ਲਿਖਣ ਵਾਲਿਆਂ ਤੇ ਹੋਵੇਗੀ ਕਾਰਵਾਈ

ਚੰਡੀਗੜ੍ਹ : ਪੰਜਾਬ ਵਿੱਚ ਹੁਣ ਦੁਕਾਨਾਂ ਅੱਗੇ ਲੱਗੇ ਬੋਰਡ ਪੰਜਾਬੀ ਭਾਸ਼ਾ ਵਿੱਚ ਹੀ ਲਿਖਣੇ ਪੈਣਗੇ। ਅਜਿਹਾ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ 21 ਫਰਵਰੀ ਤੱਕ ਦੁਕਾਨਾਂ ’ਤੇ ਲੱਗੇ ਬੋਰਡ ਜਾਂ ਦਿਸ਼ਾ ਸੂਚਕ ਬੋਰਡ ਪੰਜਾਬੀ ਬੋਲੀ ਵਿੱਚ ਲਿਖ ਲੈਣ। ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਇੱਕ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ 21 ਫਰਵਰੀ ਨੂੰ ਮਨਾਏ ਜਾ ਰਹੇ ਕੌਮਾਂਤਰੀ ਭਾਸ਼ਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਸਾਰੇ ਸਰਕਾਰੀ ਤੇ ਗ਼ੈਰ-ਸਰਕਾਰੀ ਅਦਾਰਿਆਂ ਤੇ ਦੁਕਾਨਾਂ ਦੇ ਦਿਸ਼ਾ-ਸੂਚਕ ਬੋਰਡ ਨੂੰ ਪੰਜਾਬੀ ਵਿੱਚ ਲਗਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਮਾਂ-ਬੋਲੀ ਦੇ ਸਤਿਕਾਰ ਲਈ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ 21 ਫਰਵਰੀ ਤੱਕ ਖ਼ੁਦ ਹੀ ਦੁਕਾਨਾਂ ’ਤੇ ਲੱਗੇ ਬੋਰਡ ਪੰਜਾਬੀ ਬੋਲੀ ਵਿੱਚ ਲਿਖ ਲੈਣ ਤੇ ਇਸ ਮਗਰੋਂ ਨਿਰਦੇਸ਼ਾਂ ਨੂੰ ਨਜ਼ਰਅੰਦਾਜ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਮਹੀਨਾ ਮਨਾਉਣ ਸਬੰਧੀ ਕਰਵਾਏ ਸੂਬਾਈ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਭਗਵੰਤ ਮਾਨ ਨੇ ਮਹਾਰਾਸ਼ਟਰ, ਤਾਮਿਲਨਾਡੂ ਤੇ ਹੋਰ ਸੂਬਿਆਂ ਦੀਆਂ ਮਿਸਾਲਾਂ ਦਿੱਤੀਆਂ, ਜਿੱਥੇ ਲੋਕ ਆਪਣੀ ਮਾਂ-ਬੋਲੀ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੂਬਿਆਂ ਵਿੱਚ ਦੁਕਾਨਾਂ ਤੇ ਵਪਾਰਕ ਅਦਾਰਿਆਂ ’ਤੇ ਉਨ੍ਹਾਂ ਦੀ ਮਾਂ-ਬੋਲੀ ਵਿੱਚ ਸੂਚਨਾ ਬੋਰਡ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਨੂੰ ਵੀ ਇਹ ਰਵਾਇਤ ਅਪਣਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸੂਚਨਾ ਬੋਰਡਾਂ ’ਤੇ ਹੋਰ ਭਾਸ਼ਾਵਾਂ ਦੇ ਨਾਲ ਪੰਜਾਬੀ ਨੂੰ ਸਭ ਤੋਂ ਉੱਪਰ ਲਿਖਿਆ ਜਾਵੇ ‘ਤੇ ਪੰਜਾਬੀਆਂ ਨੂੰ ਆਪਣੀ ਭਾਸ਼ਾ, ਸੱਭਿਆਚਾਰ ਅਤੇ ਰਵਾਇਤਾਂ ’ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ।