ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਵਿਧਵਾਵਾਂ ਨੂੰ ਵਿਸ਼ੇਸ਼ ਪੈਨਸ਼ਨ ਦੇਣ ਦੀ ਕੀਤੀ ਮੰਗ

ਚੰਡੀਗੜ੍ਹ : ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਆਗੂ ਸ਼ੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਧਵਾਵਾਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪਾਲਣ-ਪੋਸ਼ਣ ਲਈ ਵਾਧੂ ਭੱਤੇ ਵਜੋਂ ਵਿਸ਼ੇਸ਼ ਪੈਨਸ਼ਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਤੋਂ ਇਲਾਵਾ ਇੱਕਲੀਆਂ ਰਹਿ ਕੇ ਆਪਣੇ ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਮਾਵਾਂ ਲਈ ਵੀ ਇੱਕ ਵਿਸ਼ੇਸ਼ ਵਜ਼ੀਫਾ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾ ਸਕਣ। ਜਾਖੜ ਨੇ ਦਿੱਲੀ ਵਿਖੇ ਇਸ ਦੀ ਇੱਕ ਕਾਪੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਦਿੱਤੀ ਅਤੇ ਕਿਹਾ ਕਿ ਜਦੋਂ ਨਵਰਾਤਰੀ ਦੇ ਸ਼ੁੱਭ ਮੌਕੇ ਤੇ ਮਾਂ ਦੁਰਗਾ ਦੀ ਪੂਜਾ ਕੀਤੀ ਜਾਂਦੀ ਹੈ ਤਾਂ ਸਰਕਾਰ ਨੂੰ ਮਾਂ ਸ਼ਕਤੀ ਲਈ ਅਜਿਹੀ ਯੋਜਨਾ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਲੋੜਵੰਦ ਪਰਿਵਾਰਾਂ ਲਈ ਲਾਹੇਵੰਦ ਹੁੰਦੀਆਂ ਹਨ।