ਪਾਕਿਸਤਾਨ ਤੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਮੈਂਬਰ ਗ੍ਰਿਫ਼ਤਾਰ, ਵੱਡੀ ਮਾਤਰਾ ਦਾ ਨਸ਼ੀਲਾ ਪਦਾਰਥ ਬਰਾਮਦ

ਗੁਰਦਾਸਪੁਰ 18 ਅਕਤੂਬਰ 2024 : ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਗਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ। ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ਵਿੱਚ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲੀਸ ਵੱਲੋਂ ਮੁਲਜ਼ਮਾਂ ਦੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਵਿਚ ਕੌਣ-ਕੌਣ ਸਨ।ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਲਿਖਿਆ ਕਿ ਸਰਹੱਦ ਪਾਰ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨੇ ਗੁਰਦਾਸਪੁਰ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ 1.350 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਅੱਗੇ ਲਿਖਿਆ ਕਿ, ਗ੍ਰਿਫਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਸਥਿਤ ਆਪਰੇਟਿਵਾਂ ਦੇ ਸੰਪਰਕ ਵਿੱਚ ਸੀ, ਜੋ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਦੇ ਸਨ। ਇਸ ਦੇ ਨਾਲ ਹੀ ਹੋਰ ਗ੍ਰਿਫਤਾਰੀਆਂ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਾਂਚ ਜਾਰੀ ਹੈ। ਇਸ ਦੇ ਨਾਲ ਹੀ ਕਾਬੂ ਕੀਤੇ ਮੁਲਜ਼ਮ ਦੇ ਫਾਰਵਰਡ ਅਤੇ ਬੈਕਵਰਡ ਲਿੰਕੇਜ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿੰਨ੍ਹਾਂ ਨੂੰ ਪੰਜਾਬ ਪੁਲਿਸ ਤੇ ਬੀਐਸਐਫ਼ ਮੁਸਤੈਦੀ ਨਾਲ ਨਾਕਾਮ ਕਰ ਚੁੱਕੀ ਹੈ।