ਪੰਜਾਬ 'ਚ ਪਾਰਾ 44.6 ਡਿਗਰੀ ਸੈਲਸੀਅਸ ਤੱਕ ਪਹੁੰਚਿਆ,  ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ

ਚੰਡੀਗੜ੍ਹ, 22 ਮਈ : ਪੰਜਾਬ 'ਚ ਪਾਰਾ 2.2 ਡਿਗਰੀ ਦੇ ਵਾਧੇ ਨਾਲ 44.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਕੜਾਕੇ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਹਾਲਾਂਕਿ ਜਲਦ ਹੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਭਲਕੇ ਮੰਗਲਵਾਰ (23 ਮਈ) ਤੋਂ ਪੰਜਾਬ ਵਿੱਚ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪਵੇਗਾ।ਅੱਜ ਸੋਮਵਾਰ ਨੂੰ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ 'ਚ 3 ਤੋਂ 5 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।ਐਤਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਸਮਰਾਲਾ 44.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਦੂਜੇ ਪਾਸੇ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਅੰਮ੍ਰਿਤਸਰ ਦਾ ਪਾਰਾ 43.0, ਲੁਧਿਆਣਾ ਦਾ 42.5, ਪਟਿਆਲਾ ਦਾ 43.5, ਬਠਿੰਡਾ ਦਾ 44.0, ਫ਼ਿਰੋਜ਼ਪੁਰ ਦਾ 43.1, ਗੁਰਦਾਸਪੁਰ ਦਾ 42.1, ਰੋਪੜ ਦਾ 40.0 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ 'ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਦੇ ਨੇੜੇ ਰਿਹਾ। ਰੋਪੜ ਵਿਖੇ ਸਭ ਤੋਂ ਘੱਟ ਤਾਪਮਾਨ 21.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।