ਮੰਤਰੀ ਹਰਭਜਨ ਸਿੰਘ ਵੱਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਜਲੰਧਰ : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ਨੀਵਾਰ ਨੂੰ ਸਥਾਨਕ ਅਲੀ ਮੁਹੱਲਾ ਵਿਖੇ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ 'ਵਿਸ਼ਾਲ ਤੀਰਥ ਯਾਤਰਾ' ਦੀ ਸ਼ੁਰੂਆਤ ਮੌਕੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ। ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥਲ, ਰਾਮ ਤੀਰਥ, ਅੰਮ੍ਰਿਤਸਰ ਦੀ ਯਾਤਰਾ ਤਹਿਤ ਧਾਰਮਿਕ ਯਾਤਰਾ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ਇਸ ਪਵਿੱਤਰ ਮੌਕੇ ਸਾਨੂੰ ਸਾਰੇ ਬੱਚਿਆਂ ਨੂੰ ਸਿੱਖਿਆ ਦੇਣੀ ਯਕੀਨੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ, ਜੋ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 'ਅਜੀਤ ਗਰੁੱਪ ਆਫ਼ ਪਬਲੀਕੇਸ਼ਨਜ਼' ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ, ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ ਤੇ ਵਿਧਾਇਕ ਬਲਕਾਰ ਸਿੰਘ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ ਅਤੇ ਚੌਧਰੀ ਸੰਤੋਖ ਸਿੰਘ ਅਤੇ ਪ੍ਰਬੰਧਕ ਵਿਪਨ ਸੱਭਰਵਾਲ ਅਤੇ ਹੋਰਨਾਂ ਦੇ ਨਾਲ ਰਾਮ ਤੀਰਥ, ਅੰਮ੍ਰਿਤਸਰ ਨੂੰ ਰਵਾਨਾ ਹੋਣ ਵਾਲੀ ਤੀਰਥ ਯਾਤਰਾ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ਸ੍ਰੀ ਪਰਗਟ ਨਾਥ ਜੀ, ਸੰਤ ਨਿਰਮਲ ਦਾਸ ਜੀ ਬਾਬੇ ਜੌੜੇ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਵੀ ਮੌਜੂਦ ਸਨ। ਇਸ ਮੌਕੇ ਅਲੀ ਮੁਹੱਲੇ ਤੋਂ ਤੀਰਥ ਯਾਤਰਾ ਲਈ ਬੱਸਾਂ, ਕਾਰਾਂ ਅਤੇ ਹੋਰ ਵਾਹਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਵਾਨਾ ਹੋਏ।