ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਹੋਰਨਾਂ ਖਿਲਾਫ 2400 ਤੋਂ ਵੱਧ ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼

ਚੰਡੀਗੜ੍ਹ, 25 ਅਪ੍ਰੈਲ : ਇਹ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ, ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸਮੇਤ ਸੁਮੇਧ ਸੈਣੀ ਖਿਲਾਫ਼ 2400 ਤੋਂ ਵੱਧ ਪੰਨਿਆਂ ਦਾ ਇੱਕ ਹੋਰ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਦਾ ਮਾਸਟਰਮਾਈਂਡ ਦੱਸਿਆ ਗਿਆ ਹੈ। ਮਿਲੀ  ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਲਾਨ U/S 173(8) ਪੇਸ਼ ਕੀਤਾ ਗਿਆ ਹੈ। ਇਸ ਵਿੱਚ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮੁੱਖ ਸਾਜ਼ਿਸ਼ਘਾੜੇ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਹਿ-ਸਾਜ਼ਿਸ਼ਕਰਤਾ ਤੇ ਸੂਤਰਧਾਰ ਦੱਸਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ 14 ਅਕਤੂਬਰ, 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏਡੀਜੀਪੀ ਐਲਕੇ ਯਾਦਵ, ਆਈਜੀ ਰਾਕੇਸ਼ ਅਗਰਵਾਲ ਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ। ਵਿਸ਼ੇਸ਼ ਜਾਂਚ ਟੀਮ ਵੱਲੋਂ 24 ਫਰਵਰੀ, 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।