ਨਵਜੋਤ ਸਿੰਘ ਸਿੱਧੂ ਨੇ ਮੁੜ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ, ਰੋਪੜ ‘ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ  ਵੀਡੀਓ ਕੀਤੀ ਸ਼ੇਅਰ  

ਚੰਡੀਗੜ੍ਹ, 17 ਮਾਰਚ : ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਨਾਜਾਇਜ਼ ਖਣਨ ਦਾ ਮਾਮਲਾ ਮੁੜ ਚੁੱਕਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਰੂਪਨਗਰ ਜ਼ਿਲ੍ਹੇ ਦੇ ਇਕ ਪਿੰਡ ਬਲਾਣ ‘ਚ ਹੋ ਰਹੀ ਗੈਰ-ਕਾਨੂੰਨੀ ਤਰੀਕੇ ਨਾਲ ਹੋ ਰਹੀ ਮਾਈਨਿੰਗ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਦੌਰਾਨ ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਐਂਡ ਕੰਪਨੀ ਵੱਲੋਂ ਜੰਗਲਾਤ ਦੀ ਜ਼ਮੀਨ ਨੂੰ ਵੱਡੇ ਪੱਧਰ ਤੇ ਤਬਾਹ ਕੀਤਾ ਜਾ ਰਿਹਾ ਹੈ। ਰੋਪੜ ਜਿਲੇ ਦੇ ਪਿੰਡ ਭਲਾਣ ਵਿਖੇ ਵੱਡੇ ਪੱਧਰ ‘ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਲਾਲਚ ਤੇ ਵਪਾਰ ਨੇ ਸ਼ਾਸਨ ਤੇ ਲੋਕ ਭਲਾਈ ਦੀ ਥਾਂ ਲੈ ਲਈ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਸਾਂਝੀ ਕੀਤੀ ਇਹ ਵੀਡੀਓ ਕਰੀਬ 53 ਸੈਕਿੰਡ ਦੀ ਹੈ। ਇਹ ਵੀਡੀਓ ਸ਼ੁੱਕਰਵਾਰ ਸਵੇਰ ਦਾ ਦੱਸਿਆ ਜਾ ਰਿਹਾ ਹੈ। ਇਸ ਵੀਡੀਓ ਨੂੰ ਬਣਾਉਣ ਵਾਲਾ ਵਿਅਕਤੀ ਦੱਸ ਰਿਹਾ ਹੈ ਕਿ ਇਹ ਜ਼ਮੀਨ ਭਲਾਣ ਪਿੰਡ ਦੀ ਸਰਕਾਰੀ ਜ਼ਮੀਨ ਦੀ ਹੈ। ਇਸ ਪਿੰਡ ਵਿੱਚ ਸਵੇਰੇ 4.45 ਦੇ ਕਰੀਬ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ ਦੌਰਾਨ ਕਈ ਮਸ਼ੀਨਾਂ ਇੱਕੋ ਸਮੇਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਕੁਝ ਲੋਕਾਂ ਨੂੰ ਆਪਣੇ ਇਲਾਕੇ ‘ਚ ਨਾਜਾਇਜ਼ ਮਾਈਨਿੰਗ ਕਰਕੇ ਨੁਕਸਾਨ ਵੀ ਝੱਲਣਾ ਪਿਆ ਹੈ। ਨਵਜੋਤ ਸਿੰਘ ਸਿੱਧੂ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਂਦੇ ਆ ਰਹੇ ਹਨ। ਉਨ੍ਹਾਂ ਦੀ ਤਰਫੋਂ ਰੋਪੜ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ‘ਚ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ ਉਨ੍ਹਾਂ ਨੇ ਰੋਪੜ ਦੇ ਡੀਐਮ ਅਤੇ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਹੈ। ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਤੈਅ ਕੀਤੀ ਗਈ ਹੈ। ਜਦੋਂਕਿ ਰੋਪੜ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਕੇਸ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਿਹਾ ਹੈ। ਹਾਈ ਕੋਰਟ ਵੱਲੋਂ ਕੋਰਟ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਜੋ ਕਿ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਇੱਕ ਮਾਮਲੇ ਦੀ ਰਿਪੋਰਟ ਤਿਆਰ ਕਰ ਰਿਹਾ ਹੈ।