ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ‘ਚ ਵੱਖਰੀ ਜ਼ਮੀਨ ਨਹੀਂ ਹੋਈ ਅਲਾਟ : ਰਾਜਪਾਲ ਕਟਾਰੀਆ 

ਚੰਡੀਗੜ੍ਹ, 17 ਨਵੰਬਰ 2024 : ਹਰਿਆਣਾ ਵਿਧਾਨ ਸਭਾ ਨੂੰ ਜ਼ਮੀਨ ਦੇਣ ਨੂੰ ਲੈ ਕੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਵਿਵਾਦ ‘ਤੇ ਸਥਿਤੀ ਸਪੱਸ਼ਟ ਕੀਤੀ ਹੈ। ਰਾਜਪਾਲ ਕਟਾਰੀਆ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਇੱਕ ਪ੍ਰਸਤਾਵ ਲੰਬੇ ਸਮੇਂ ਤੋਂ ਪੈਂਡਿੰਗ ਹੈ। ਫੈਸਲਾ ਹੋਣ ਤੱਕ ਕੁਝ ਨਹੀਂ ਕਿਹਾ ਜਾ ਸਕਦਾ। ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਉਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਕਿਹਾ ਕਿ ਜੋ ਕੰਮ ਸਰਕਾਰ ਦੇ ਹਨ, ਉਸ ਉਤੇ ਸਰਕਾਰ ਤੋਂ ਸਵਾਲ ਪੁੱਛੇ ਜਾਣੇ ਚਾਹੀਦੇ ਹਨ। ਇਸ ਉਤੇ ਕੁਝ ਨਹੀਂ ਕਹਿ ਸਕਦਾ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕਦਮ ਦਾ ਵਿਰੋਧ ਕੀਤਾ ਸੀ ਅਤੇ ਮੰਗ ਪੱਤਰ ਸੌਂਪਿਆ ਸੀ। ਵਿੱਤ ਮੰਤਰੀ ਨੇ ਕਿਹਾ ਸੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਅਸੀਂ ਹਰਿਆਣਾ ਨੂੰ ਇੱਕ ਇੰਚ ਵੀ ਜ਼ਮੀਨ ਨਹੀਂ ਦੇਵਾਂਗੇ। ਚੰਡੀਗੜ੍ਹ ‘ਤੇ ਪੰਜਾਬ ਦਾ ਕੰਟਰੋਲ ਹੈ। ਅਸੀਂ ਆਪਣੇ ਹੱਕਾਂ ਲਈ ਲੜਾਂਗੇ। ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨਾ ਗਲਤ ਹੈ ਅਤੇ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੀਆਂ ਭਾਵਨਾਵਾਂ ਦੀ ਉਲੰਘਣਾ ਹੈ। ਹਰਪਾਲ ਸਿੰਘ ਚੀਮਾ ਨੇ ਹਰਿਆਣਾ ਸਰਕਾਰ ਨੂੰ ਆਪਣੀ ਵਿਧਾਨ ਸਭਾ ਦੀ ਇਮਾਰਤ ਪੰਚਕੂਲਾ ਵਿੱਚ ਬਣਾਉਣ ਦਾ ਸੁਝਾਅ ਦਿੱਤਾ, ਜੋ ਚੰਡੀਗੜ੍ਹ ਦੇ ਨੇੜੇ ਹੈ। ਉਨ੍ਹਾਂ ਕਿਹਾ ਕਿ 1966 ਵਿੱਚ ਹਰਿਆਣਾ ਦੇ ਗਠਨ ਸਮੇਂ ਇਹ ਸਪੱਸ਼ਟ ਸੀ ਕਿ ਉਹ ਆਪਣੀ ਰਾਜਧਾਨੀ ਨੂੰ ਵੱਖਰਾ ਬਣਾਏਗਾ। ਹਰਿਆਣਾ ਛੇ ਦਹਾਕਿਆਂ ਤੋਂ ਆਪਣੀ ਰਾਜਧਾਨੀ ਨਹੀਂ ਬਣਾ ਸਕਿਆ ਅਤੇ ਹੁਣ ਚੰਡੀਗੜ੍ਹ ‘ਤੇ ਦਾਅਵਾ ਕਰ ਰਿਹਾ ਹੈ। ਇਹ ਅਸਵੀਕਾਰਨਯੋਗ ਹੈ। ਉਨ੍ਹਾਂ ਪਿਛਲੀਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰਾਂ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਇਲਜ਼ਾਮ ਲਾਇਆ ਕਿ ਇਹ ਪਾਰਟੀਆਂ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀਆਂ ਹਨ।ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ ‘ਤੇ ਪਲਟਵਾਰ ਕਰਦਿਆਂ ਇਸ ਨੂੰ ‘ਗੰਦੀ ਰਾਜਨੀਤੀ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੋਵਾਂ ਦਾ ਹਿੱਸਾ ਹੈ। ਚੰਡੀਗੜ੍ਹ ‘ਤੇ ਵੀ ਹਰਿਆਣਾ ਦਾ ਅਧਿਕਾਰ ਹੈ। ਅਸੀਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਕਿਉਂ ਨਹੀਂ ਬਣਾ ਸਕਦੇ? ਸੈਣੀ ਨੇ ਐਸਵਾਈਐਲ (ਸਤਲੁਜ-ਯਮੁਨਾ ਲਿੰਕ) ਨਹਿਰੀ ਪਾਣੀ ਦਾ ਮੁੱਦਾ ਪੰਜਾਬ ਸਰਕਾਰ ਕੋਲ ਉਠਾਉਂਦਿਆਂ ਕਿਹਾ ਸੀ ਕਿ ਪੰਜਾਬ ਨੇ ਹਰਿਆਣਾ ਦਾ ਪਾਣੀ ਰੋਕ ਕੇ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਇਆ ਹੈ।