ਪੁਲਿਸ ਯਾਦਗਾਰ ਦਿਵਸ ਮੌਕੇ ਜੇਲ੍ਹ ਵਿਭਾਗ ਨੇ ਕਰਵਾਇਆ ਸੂਬਾ ਪੱਧਰੀ ਸਮਾਗਮ


ਪਟਿਆਲਾ :  ਪੰਜਾਬ ਜੇਲ੍ਹ ਵਿਭਾਗ ਵੱਲੋਂ ਅੱਜ ਪੁਲਿਸ ਯਾਦਗਾਰ ਦਿਵਸ ਮੌਕੇ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕੀਤੇ ਗਏ। ਸ਼ਰਧਾਂਜਲੀ ਸਮਾਰੋਹ ਵਿੱਚ ਸਪੈਸ਼ਲ ਡੀ.ਜੀ.ਪੀ. (ਜੇਲ੍ਹਾਂ) ਹਰਪ੍ਰੀਤ ਸਿੰਘ ਸਿੱਧੂ, ਇੰਸਪੈਕਟਰ ਜਨਰਲ (ਜੇਲ੍ਹਾਂ) ਆਰ.ਕੇ. ਅਰੋੜਾ ਅਤੇ ਡੀ.ਆਈ.ਜੀ. (ਜੇਲ੍ਹਾਂ) ਸੁਰਿੰਦਰ ਸਿੰਘ ਸੈਣੀ ਨੇ ਉਚੇਚੇ ਤੌਰ ਉਤੇ ਸ਼ਿਰਕਤ ਕੀਤੀ। ਉਨ੍ਹਾਂ ਸ਼ਹੀਦੀ ਸਮਾਰਕ ਤੇ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਅਤੇ ਹਰ ਸੰਭਵ ਕੋਸ਼ਿਸ਼ਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਵਿਸ਼ਵਾਸ ਦਵਾਇਆ।ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ, ਜੇਲ੍ਹ ਟ੍ਰੇਨਿੰਗ ਸਕੂਲ ਦੇ ਸਟਾਫ਼ ਅਤੇ ਟ੍ਰੇਨੀਜ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਵਿਖੇ ਹੋਏ ਇਹ ਸੂਬਾ ਪੱਧਰੀ ਸਮਾਗਮ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ।ਪ੍ਰਿੰਸੀਪਲ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਰਵਿੰਦਰ ਸਿੰਘ ਅਤੇ ਵਾਇਸ ਪ੍ਰਿੰਸੀਪਲ ਮੁਕੇਸ਼ ਕੁਮਾਰ ਸ਼ਰਮਾ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਧੰਨਵਾਦ ਕੀਤਾ ਅਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਪਰੋਕਤ ਤੋਂ ਇਲਾਵਾ ਵੱਖ-ਵੱਖ ਜੇਲ੍ਹਾਂ ਦੇ ਸੀਨੀਅਰ ਸੁਪਰਡੈਂਟ ਵੀ ਹਾਜ਼ਰ ਰਹੇ।ਸਪੈਸ਼ਲ ਡੀ.ਜੀ.ਪੀ. (ਜੇਲ੍ਹਾਂ) ਹਰਪ੍ਰੀਤ ਸਿੰਘ ਸਿੱਧੂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਡਿਊਟੀ ਦੌਰਾਨ ਸ਼ਹੀਦ ਹੋਏ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਇਨ੍ਹਾਂ ਦੇ ਪਰਿਵਾਰਾਂ ਨੂੰ ਜਿਨ੍ਹਾਂ ਵੀ ਮਾਨ ਸਨਮਾਨ ਦਿੱਤਾ ਜਾ ਸਕੇ ਥੋੜ੍ਹਾ ਹੈ। ਉਨ੍ਹਾਂ ਜੇਲ੍ਹ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਹੀਦਾਂ ਤੋਂ ਪ੍ਰੇਰਨਾ ਲੈਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।