ਫਗਵਾੜਾ-ਹੁਸ਼ਿਆਰਪੁਰ ਰੋਡ ਵਾਪਰਿਆ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

ਹੁਸ਼ਿਆਰਪੁਰ, 20 ਮਾਰਚ : ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨਾਂ ਦੀ ਬਾਈਕ ਜੇਸੀਬੀ ਨਾਲ ਟਕਰਾ ਗਈ। ਜਾਣਕਾਰੀ ਅਨੁਸਾਰ ਤਿੰਨੇ ਮ੍ਰਿਤਕ ਨੌਜਵਾਨ ਦੋਸਤ ਸਨ, ਜੋ ਟਾਇਲ ਪੱਥਰ ਦਾ ਕੰਮਕਰਦੇ ਸਨ ਅਤੇ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਜਾ ਰਹੇ ਸਨ ਕਿ ਪਿੰਡ ਜਗਜੀਤਪੁਰ ਨੇੜੇ ਉਨ੍ਹਾਂ ਦੀ ਬਾਈਕ ਦੀ ਜੇਸੀਬੀ ਨਾਲ ਟੱਕਰ ਹੋ ਗਈ। ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਜਿੱਥੇ ਕੁਝ ਸਮੇਂ ਬਾਅਦ ਉਨ੍ਹਾਂ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਐੱਸਐੱਚਓ ਲਾਭ ਸਿੰਘ ਨੇ ਦਸਿਆ ਕਿ ਐਕਸੀਡੈਂਟ ਸਬੰਧੀ ਸੂਚਨਾ ਮਿਲਦਿਆਂ ਹੀ ਉਹ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ  ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ, ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੀ ਪਛਾਣ ਰੋਹਿਤ ਕੁਮਾਰ, ਅਸ਼ੀਸ਼ ਕੁਮਾਰ ਅਤੇ ਮਨੋਜ ਕੁਮਾਰ ਵਾਸੀ ਗੋਬਿੰਦਪੁਰ ਵਜੋਂ ਹੋਈ ਹੈ। ਪੁਲੀਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਭੇਜ ਦਿੱਤਾ ਹੈ।