ਸੂਬੇ ਵਿੱਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ

  • ਰਾਜ ਚੋਣ ਕਮਿਸ਼ਨ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਲਿਖਿਆ ਪੱਤਰ

ਚੰਡੀਗੜ੍ਹ, 30 ਜੁਲਾਈ 2024 : ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੂੰ ਭਵਿੱਖ ਦੀਆਂ ਚੋਣਾਂ ਲਈ ਪੰਚ-ਸਰਪੰਚ ਦੀਆਂ ਸੀਟਾਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ S.11 (5) ਅਨੁਸਾਰ ਰਾਖਵੇਂਕਰਨ ਸਬੰਧੀ ਨੋਟੀਫਿਕੇਸ਼ਨ ਹਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਅਤੇ ਉਮੀਦਵਾਰਾਂ ਨੂੰ ਚੋਣਾਂ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 2018 ਵਿੱਚ ਕਾਂਗਰਸ ਸਰਕਾਰ ਵੇਲੇ ਪੰਚਾਇਤੀ ਚੋਣਾਂ ਹੋਈਆਂ ਸਨ। ਉਸ ਸਮੇਂ 13276 ਸਰਪੰਚ ਅਤੇ 83831 ਪੰਚ ਚੁਣੇ ਗਏ ਸਨ। ਪੰਚਾਇਤ ਵਿਭਾਗ ਵੱਲੋਂ ਫਰਵਰੀ ਵਿੱਚ ਉਨ੍ਹਾਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ, ਜਿਨ੍ਹਾਂ ਦਾ ਕਾਰਜਕਾਲ ਪੰਜ ਸਾਲ ਪੂਰਾ ਹੋ ਗਿਆ ਸੀ। ਪੰਚਾਇਤ ਵਿਭਾਗ ਨੇ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ, ਜਦੋਂ ਕਿ ਪੰਚਾਇਤਾਂ ਦਾ ਕਾਰਜਕਾਲ ਚਾਰ ਮਹੀਨੇ ਬਾਕੀ ਸੀ। ਇਸ ਮਾਮਲੇ ਨੂੰ ਲੈ ਕੇ ਕਈ ਸਰਪੰਚਾਂ ਨੇ ਹਾਈ ਕੋਰਟ ਦੀ ਸ਼ਰਨ ਲਈ ਸੀ। ਇਸ ਤੋਂ ਬਾਅਦ ਸਰਕਾਰ ਨੇ ਉਕਤ ਹੁਕਮ ਵਾਪਸ ਲੈ ਲਏ। ਨਾਲ ਹੀ ਇਸ ਸਬੰਧੀ ਹੁਕਮ ਜਾਰੀ ਕਰਨ ਵਾਲੇ ਤਿੰਨ ਆਈਏਐਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਰਪੰਚਾਂ ਦਾ ਤਰਕ ਸੀ ਕਿ ਸਾਰੀਆਂ ਪੰਚਾਇਤਾਂ ਨੂੰ ਉਨ੍ਹਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਨਜਾਇਜ਼ ਤੌਰ ‘ਤੇ ਭੰਗ ਕਰ ਦਿੱਤਾ ਗਿਆ ਸੀ। ਇਸ ਪਟੀਸ਼ਨ ਤੋਂ ਬਾਅਦ ਸਰਕਾਰ ਨੇ ਆਪਣਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਅਤੇ ਪੰਚਾਇਤਾਂ ਨੂੰ ਬਹਾਲ ਕਰ ਦਿੱਤਾ ਗਿਆ।