ਪੰਜਾਬ ਸਰਕਾਰ ਨੇ ਮੁਲਾਜ਼ਮਾਂ/ਪੈਨਸ਼ਨਰਾਂ ‘ਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਕੀਤਾ ਲਾਗੂ, ਹਰ ਮਹੀਨੇ ਕੱਟਣਗੇ 200 ਰੁਪਏ

ਚੰਡੀਗੜ੍ਹ, 23 ਜੂਨ : ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ/ਪੈਨਸ਼ਨਰਾਂ ‘ਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਲਾਗੂ ਕਰ ਦਿੱਤਾ ਹੈ। ਇਸ ਤਹਿਤ ਉਨ੍ਹਾਂ ਦੀ ਪੈਨਸ਼ਨ ਤੋਂ ਪ੍ਰਤੀ ਮਹੀਨੇ 200 ਰੁਪਏ ਕੱਟੇ ਜਾਣਗੇ। ਇਸ ਸਬੰਧੀ ਸੂਬੇ ਦੇ ਵਿੱਤ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਵਿੱਤ ਵਿਭਾਗ ਨੇ ਪੈਨਸ਼ਨਰਾਂ/ਰਿਟਾਇਰ ਮੁਲਾਜ਼ਮਾਂ ਤੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਵਸੂਲਣ ਦੇ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਪ੍ਰਸਤਾਵ ‘ਤੇ ਵਿਚਾਰ ਕਰਨ ਦੇ ਬਾਅਦ ਉਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਗੌਰਤਲਬ ਹੈ ਕਿ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਸੂਬੇ ਵਿਚ ਟੈਕਸ ਇਕੱਠੇ ਕਰਨ ਲਈ ਨੋਡਲ ਏਜੰਸੀ ਹੈ। ਇਸ ਸਬੰਧੀ ਵਿੱਤ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਜਲਦ ਹੀ ਇਸ ਸਬੰਧੀ ਨੋਟੀਫਿਕੇਸ਼ਨ ਕਰ ਦਿੱਤਾ ਜਾਵੇਗਾ ਤੇ ਸਰਕਾਰ ਪੈਨਸ਼ਨਧਾਰਕਾਂ ਦੇ ਬੈਂਕ ਖਾਤਿਆਂ ਤੋਂ ਸਿੱਧੇ ਉਪਰੋਕਤ ਟੈਕਸ ਦੀ ਰਕਮ ਕੱਟਣ ਦੇ ਨਿਰਦੇਸ਼ ਦੇਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ 2018 ਵਿਚ ਸਰਕਾਰੀ ਮੁਲਾਜ਼ਮਾਂ ‘ਤੇ ਇਹ ਟੈਕਸ ਲਗਾਇਆ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਅਨੁਸਾਰ, ਕੋਈ ਵੀ ਵਿਅਕਤੀ ਜੋ ਪੰਜਾਬ ਵਿੱਚ ਕਿਸੇ ਵੀ ਵਪਾਰ, ਕਾਰੋਬਾਰ, ਪੇਸ਼ੇ ਜਾਂ ਰੁਜ਼ਗਾਰ ਵਿੱਚ ਰੁੱਝਿਆ ਹੋਇਆ ਹੈ, ਜੋ ਆਮਦਨ ਕਰ ਦਾਤਾ ਹੈ, ਭਾਵ ਉਹ ਵਿਅਕਤੀ ਜਿਸ ਦੀ ਟੈਕਸ ਐਕਟ ਅਧੀਨ ਆਮਦਨ “0” ਤੋਂ ਵੱਧ ਹੈ ਤਾਂ ਟੈਕਸਯੋਗ ਹੈ। ਆਮਦਨ, ਨੂੰ ਉਕਤ ਐਕਟ ਅਧੀਨ ਟੈਕਸ ਅਦਾ ਕਰਨਾ ਪੈਂਦਾ ਹੈ।