ਪੰਜਾਬ ਸਰਕਾਰ ਨੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ 10 ਸਾਥੀਆਂ ’ਤੇ ਲਗਾਇਆ ਨਵਾਂ ਐਨ.ਐਸ.ਏ., ਹਾਈ ਕੋਰਟ  ਨੂੰ ਦਿਤੀ ਜਾਣਕਾਰੀ

ਚੰਡੀਗੜ੍, 19 ਮਾਰਚ : ਪੰਜਾਬ ਸਰਕਾਰ ਨੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ ਸਾਰੇ 10 ਸਾਥੀਆਂ ’ਤੇ ਨਵਾਂ ਐਨ.ਐਸ.ਏ. ਲਗਾਇਆ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਦਿਤੀ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਹੁਕਮ ਪੇਸ਼ ਕੀਤੇ ਜਾਣ ਦੇ ਲਈ ਸਮਾਂ ਮੰਗਿਆ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ ਅਪ੍ਰੈਲ ਦੇ ਪਹਿਲੇ ਹਫਤੇ ਹੋਵੇਗੀ। ਅੱਜ ਪਟੀਸ਼ਨਕਰਤਾਵਾਂ ਦੀ ਵੱਲੋਂ ਦੱਸਿਆ ਗਿਆ ਕਿ ਪਿਛਲੇ ਸਾਲ 18 ਮਾਰਚ ਨੂੰ ਇਨ੍ਹਾਂ ਸਾਰਿਆਂ ਵਿਰੁੱਧ ਐਨਐਸਏ ਲਗਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। NSA ਦੇ ਆਦੇਸ਼ ਸਿਰਫ ਇੱਕ ਸਾਲ ਲਈ ਲਾਗੂ ਕੀਤੇ ਜਾ ਸਕਦੇ ਹਨ। ਹੁਣ ਇਨ੍ਹਾਂ ਹੁਕਮਾਂ ਦੀ ਮਿਆਦ ਖਤਮ ਹੋ ਚੁੱਕੀ ਹੈ, ਇਸ ‘ਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਨੇ ਹਾਈਕੋਰਟ ਨੂੰ ਦੱਸਿਆ ਕਿ ਇਨ੍ਹਾਂ ਸਾਰਿਆਂ ਖਿਲਾਫ ਨਵੇਂ ਸਿਰੇ ਤੋਂ ਐੱਨ.ਐੱਸ.ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਜਦੋਂ ਇਹ ਜਾਣਕਾਰੀ ਮੰਗੀ ਤਾਂ ਪੰਜਾਬ ਸਰਕਾਰ ਨੇ ਅਗਲੀ ਸੁਣਵਾਈ ਦੌਰਾਨ ਇਨ੍ਹਾਂ ਹੁਕਮਾਂ ਬਾਰੇ ਪੂਰੀ ਜਾਣਕਾਰੀ ਦੇਣ ਲਈ ਸਮਾਂ ਮੰਗਿਆ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਯੋਕੇ, ਸਰਬਜੀਤ ਕਲਸੀ, ਗੁਰਿੰਦਰ ਔਜਲਾ ਅਤੇ ਬਸੰਤ ਸਿੰਘ ਨੇ ਆਪਣੇ ਖਿਲਾਫ ਲਗਾਏ ਗਏ ਐਨਐਸਏ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ। ਪਟੀਸ਼ਨ ਦਾਇਰ ਕਰਦਿਆਂ ਸਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ’ਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਚਲਾਈ ਸੀ। ਇਸ ਮੁਹਿੰਮ ਤਹਿਤ ਅੰਮ੍ਰਿਤਪਾਲ ਦੇ ਸਾਥੀਆਂ ’ਤੇ ਸ਼ਿਕੰਜਾ ਕੱਸਿਆ ਗਿਆ। ਇਸ ਕੜੀ ’ਚ ਪਟੀਸ਼ਨਕਰਤਾਵਾਂ ਨੂੰ ਵੀ ਪੀੜਤ ਕੀਤਾ ਗਿਆ ਸੀ ਅਤੇ ਉਨ੍ਹਾਂ ਵਿਰੁਧ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਕਾਰਵਾਈ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿਤਾ ਗਿਆ। ਪਟੀਸ਼ਨ ਮੁਤਾਬਕ ਕਾਨੂੰਨ ਦੀ ਉਚਿਤ ਪ੍ਰਕਿਰਿਆ ਦਾ ਪਾਲਣ ਕਰਦੇ ਹੋਏ ਉਸ ਵਿਰੁਧ ਕਾਰਵਾਈ ਨਹੀਂ ਕੀਤੀ ਗਈ। ਮਾਮਲੇ ਦੀ ਅਗਲੀ ਸੁਣਵਾਈ ਅਪ੍ਰੈਲ ਦੇ ਪਹਿਲੇ ਹਫ਼ਤੇ ਹੋਵੇਗੀ।