ਕੈਬਨਿਟ ਮੰਤਰੀ ਅਰੋੜਾ ਨੂੰ ਸੰਗਰੂਰ ਅਦਾਲਤ ਨੇ ਦਿੱਤੀ ਵੱਡੀ ਰਾਹਤ – ਸਜ਼ਾ ਤੇ ਲਾਈ ਰੋਕ

ਚੰਡੀਗੜ੍ਹ, 25 ਜਨਵਰੀ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ਵਿੱਚ ਉਹਨਾਂ ਦੀ ਦੋ ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਰੋਕ 31 ਜਨਵਰੀ ਤੱਕ ਲਗਾਈ ਗਈ ਹੈ। ਅਜਿਹੇ ‘ਚ ਇਹ ਸਪੱਸ਼ਟ ਹੋ ਗਿਆ ਹੈ ਕਿ ਹੁਣ ਉਹ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ‘ਚ ਤਿਰੰਗਾ ਲਹਿਰਾ ਸਕਣਗੇ। ਦੂਜੇ ਪਾਸੇ ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਜਿੱਥੇ ਸਰਕਾਰ ਵੱਲੋਂ ਸੰਗਰੂਰ ਅਦਾਲਤ ਦੇ ਫੈਸਲੇ ਦੀ ਕਾਪੀ ਹਾਈਕੋਰਟ ਨੂੰ ਸੌਂਪੀ ਜਾਵੇਗੀ। ਉਨ੍ਹਾਂ ਦੇ ਵਕੀਲ ਨੇ ਦੱਸਿਆ ਕਿ ਹੁਣ ਇਸ ਕੇਸ ਦਾ ਫੈਸਲਾ 31 ਤਰੀਕ ਨੂੰ ਆਵੇਗਾ। ਗੌਰਤਲਬ ਹੈ ਕਿ ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਜੀਜਾ ਨੇ ਦੋਸ਼ ਲਾਇਆ ਕਿ 2008 ਵਿੱਚ ਅਮਨ ਅਰੋੜਾ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਦਾ ਫੈਸਲਾ 15 ਸਾਲ ਬਾਅਦ ਆਇਆ ਹੈ। ਸੁਨਾਮ ਦੀ ਅਦਾਲਤ ਨੇ ਹੁਣ ਮੰਤਰੀ ਬਣੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਉਸ ਕੋਲ ਇਸ ਫੈਸਲੇ ਖਿਲਾਫ ਅਪੀਲ ਦਾਇਰ ਕਰਨ ਲਈ 30 ਦਿਨ ਸਨ।